ਧਨਾਸਰੀ ਮਹਲਾ ੧ ਘਰੁ ੧ ਚਉਪਦੇ ॥
Dhanaasaree, First Mehl, First House, Chau-Padhay:
ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥
My soul is afraid; to whom should I complain?
(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ।
ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥
I serve Him, who makes me forget my pains; He is the Giver, forever and ever. ||1||
(ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ ॥੧॥
ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥
My Lord and Master is forever new; He is the Giver, forever and ever. ||1||Pause||
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥ ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ)। ਦਾਤਾਰੁ = ਦਾਤਾਂ ਦੇਣ ਵਾਲਾ ॥੧॥ ਰਹਾਉ ॥
ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥
Night and day, I serve my Lord and Master; He shall save me in the end.
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ।
ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥
Hearing and listening, O my dear sister, I have crossed over. ||2||
ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥ ਮੇਰੀ ਕਾਮਣੀ = ਹੇ ਮੇਰੀ ਜਿੰਦੇ! ॥੨॥
ਦਇਆਲ ਤੇਰੈ ਨਾਮਿ ਤਰਾ ॥
O Merciful Lord, Your Name carries me across.
ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ। ਦਇਆਲ = ਹੇ ਦਇਆ ਦੇ ਘਰ! ਨਾਮਿ = ਨਾਮ ਦੀ ਰਾਹੀਂ। ਤਰਾ = ਤਰ ਸਕਦਾ ਹਾਂ, ਪਾਰ ਲੰਘ ਸਕਦਾ ਹਾਂ।
ਸਦ ਕੁਰਬਾਣੈ ਜਾਉ ॥੧॥ ਰਹਾਉ ॥
I am forever a sacrifice to You. ||1||Pause||
ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥
ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥
In all the world, there is only the One True Lord; there is no other at all.
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਸਰਬੰ = ਹਰ ਥਾਂ। ਸਾਚਾ = ਸਦਾ ਕਾਇਮ ਰਹਿਣ ਵਾਲਾ।
ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥
He alone serves the Lord, upon whom the Lord casts His Glance of Grace. ||3||
ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥ ਕਉ = ਨੂੰ। ਨਦਰਿ = ਮੇਹਰ ਦੀ ਨਜ਼ਰ। ਕਰੇਇ = ਕਰਦਾ ਹੈ ॥੩॥
ਤੁਧੁ ਬਾਝੁ ਪਿਆਰੇ ਕੇਵ ਰਹਾ ॥
Without You, O Beloved, how could I even live?
ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਕੇਵ ਰਹਾ = ਕਿਵੇਂ ਰਹਿ ਸਕਦਾ ਹਾਂ? ਮੈਂ ਵਿਆਕੁਲ ਹੋ ਜਾਂਦਾ ਹਾਂ।
ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥
Bless me with such greatness, that I may remain attached to Your Name.
ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਜਿਤੁ = ਜਿਸ ਦੀ ਰਾਹੀਂ।
ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥
There is no other, O Beloved, to whom I can go and speak. ||1||Pause||
ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥ ਜਾਇ = ਜਾ ਕੇ ॥੧॥ ਰਹਾਉ ॥
ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥
I serve my Lord and Master; I ask for no other.
(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਸੇਵੀ = ਮੈਂ ਸੇਂਵਦਾ ਹਾਂ। ਜਾਚੰਉ = ਮੈਂ ਮੰਗਦਾ ਹਾਂ।
ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥
Nanak is His slave; moment by moment, bit by bit, he is a sacrifice to Him. ||4||
ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ ਬਿੰਦ ਬਿੰਦ = ਖਿਨ ਖਿਨ। ਚੁਖ ਚੁਖ = ਟੋਟੇ ਟੋਟੇ, ਕੁਰਬਾਨ ॥੪॥
ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
O Lord Master, I am a sacrifice to Your Name, moment by moment, bit by bit. ||1||Pause||4||1||
ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥ ਵਿਟਹੁ = ਤੋਂ। ਸਾਹਿਬ = ਹੇ ਸਾਹਿਬ! ॥੧॥ ਰਹਾਉ ॥੪॥੧॥