ਸੋਰਠਿ ਮਹਲਾ ੫ ਘਰੁ ੨ ਚਉਪਦੇ ॥
Sorat'h, Fifth Mehl, Second House, Chau-Padhay:
ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥
The One God is our father; we are the children of the One God. You are our Guru.
(ਸਾਡਾ) ਇਕੋ ਹੀ ਪ੍ਰਭੂ-ਪਿਤਾ ਹੈ, ਅਸੀਂ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਗੁਰ ਹਾਈ = ਗੁਰਭਾਈ।
ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥
Listen, friends: my soul is a sacrifice, a sacrifice to You; O Lord, reveal to me the Blessed Vision of Your Darshan. ||1||
ਹੇ ਮਿੱਤਰ! ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ ॥੧॥ ਮੀਤਾ = ਹੇ ਮਿੱਤਰ! ਜੀਉ = ਜਿੰਦ। ਬਲਿ ਜਾਸੀ = ਸਦਕੇ ਜਾਵੇਗੀ ॥੧॥
ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥
Listen, friends: I am a sacrifice to the dust of Your feet.
ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਕਉ = ਤੋਂ। ਬਲਿ ਜਾਈ = ਜਲਿ ਜਾਈਂ, ਮੈਂ ਸਦਕੇ ਜਾਂਦਾ ਹਾਂ।
ਇਹੁ ਮਨੁ ਤੇਰਾ ਭਾਈ ॥ ਰਹਾਉ ॥
This mind is yours, O Siblings of Destiny. ||Pause||
ਹੇ ਭਰਾ! (ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂ) ਰਹਾਉ॥ ਭਾਈ = ਹੇ ਭਾਈ! ॥ਰਹਾਉ॥
ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥
I wash your feet, I massage and clean them; I give this mind to you.
ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ। ਪਾਵ = {ਲਫ਼ਜ਼ 'ਪਾਉ' ਤੋਂ ਬਹੁ-ਵਚਨ} ਦੋਵੇਂ ਪੈਰ। ਮਲੋਵਾ = ਮਲੋਵਾਂ, ਮੈਂ ਮਲਾਂਗਾ। ਮਲਿ = ਮਲ ਕੇ। ਧੋਵਾ = ਧੋਵਾਂ, ਮੈਂ ਧੋਵਾਂਗਾ। ਤੈ ਕੂ = ਤੈਨੂੰ। ਦੇਸਾ = ਦੇਸਾਂ, ਮੈਂ ਦਿਆਂਗਾ।
ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥
Listen, friends: I have come to Your Sanctuary; teach me, that I might unite with God. ||2||
ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ ਤੇਰੀ ਸ਼ਰਨ ਆਇਆ ਹਾਂ। ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ ॥੨॥ ਹਉ = ਮੈਂ। ਪ੍ਰਭ ਮਿਲਉ = ਮੈਂ ਪ੍ਰਭੂ ਨੂੰ ਮਿਲ ਪਵਾਂ, ਮਿਲਉਂ ॥੨॥
ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥
Do not be proud; seek His Sanctuary, and accept as good all that He does.
{ਨੋਟ: ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ} ਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਮਾਨੁ = ਅਹੰਕਾਰ। ਕੀਜੈ = ਕਰਨਾ ਚਾਹੀਦਾ। ਪਰੀਜੈ = ਪੈਣਾ ਚਾਹੀਦਾ ਹੈ।
ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥
Listen, friends: dedicate your soul, body and your whole being to Him; thus you shall receive the Blessed Vision of His Darshan. ||3||
ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ ॥੩॥ ਪਿੰਡੁ = ਸਰੀਰ। ਅਰਪੀਜੈ = ਭੇਟ ਕਰ ਦੇਣਾ ਚਾਹੀਦਾ ਹੈ। ਇਉ = ਇਉਂ, ਇਸ ਤਰ੍ਹਾਂ ॥੩॥
ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥
He has shown mercy to me, by the Grace of the Saints; the Lord's Name is sweet to me.
ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। ਅਨੁਗ੍ਰਹੁ = ਮੇਹਰ, ਕਿਰਪਾ। ਪ੍ਰਸਾਦਿ = ਕਿਰਪਾ ਨਾਲ।
ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥
The Guru has shown mercy to servant Nanak; I see the casteless, immaculate Lord everywhere. ||4||1||12||
(ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ॥੪॥੧॥੧੨॥ ਗੁਰਿ = ਗੁਰੂ ਨੇ। ਅਕੁਲ = ਅ-ਕੁਲ, ਜਿਸ ਦੀ ਕੋਈ ਖ਼ਾਸ ਕੁਲ ਨਹੀਂ। ਨਿਰੰਜਨੁ = {ਨਿਰ-ਅੰਜਨੁ। ਅੰਜਨੁ = ਸੁਰਮਾ, ਮਾਇਆ ਦੀ ਕਾਲਖ} ਮਾਇਆ ਦੇ ਪ੍ਰਭਾਵ ਤੋਂ ਰਹਿਤ ॥੪॥੧॥੧੨॥