ਸੋਰਠਿ ਮਹਲਾ ੫ ॥
Sorat'h, Fifth Mehl:
ਸੋਰਠਿ ਪੰਜਵੀਂ ਪਾਤਿਸ਼ਾਹੀ।
ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥
God is the Doer, the Cause of causes, the Great Giver; God is the Supreme Lord and Master.
(ਹੇ ਭਾਈ! ਜਿਸ ਮਨੁੱਖ ਦਾ ਸਹਾਈ ਗੁਰੂ ਬਣ ਜਾਂਦਾ ਹੈ, ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਹੈ (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਸਭ ਦਾ ਮਾਲਕ ਹੈ। ਕਰਣਹਾਰ = ਸਭ ਕੁਝ ਕਰ ਸਕਣ ਵਾਲਾ। ਕਰਾਵਣਹਾਰ = (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ। ਦਾਤਾ = ਦਾਤਾਂ ਦੇਣ ਵਾਲਾ। ਸੁਆਮੀ = ਮਾਲਕ।
ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥
The Merciful Lord created all beings; God is the Inner-knower, the Searcher of hearts. ||1||
ਸਾਰੇ ਜੀਵ ਉਸੇ ਦਇਆ-ਦੇ-ਘਰ ਪ੍ਰਭੂ ਨੇ ਪੈਦਾ ਕੀਤੇ ਹੋਏ ਹਨ, ਉਹ ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ॥੧॥ ਜੀਅ = (ਲਫ਼ਜ਼ 'ਜੀਵ' ਤੋਂ ਬਹੁ-ਵਚਨ)। ਕੀਏ = ਪੈਦਾ ਕੀਤੇ। ਅੰਤਰਜਾਮੀ = ਹਰੇਕ ਦੇ ਦਿਲ ਦੀ ਜਾਣਨ ਵਾਲਾ ॥੧॥
ਮੇਰਾ ਗੁਰੁ ਹੋਆ ਆਪਿ ਸਹਾਈ ॥
My Guru is Himself my friend and support.
ਹੇ ਭਾਈ! ਮੇਰਾ ਗੁਰੂ (ਜਿਸ ਮਨੁੱਖ ਦਾ) ਮਦਦਗਾਰ ਆਪ ਬਣਦਾ ਹੈ, ਸਹਾਈ = ਮਦਦਗਾਰ।
ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥
I am in celestial peace, bliss, joy, pleasure and wondrous glory. ||Pause||
ਉਸ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਖ਼ੁਸ਼ੀਆਂ ਤੇ ਸੁਆਦ ਉੱਘੜ ਪੈਂਦੇ ਹਨ। ਉਸ ਮਨੁੱਖ ਨੂੰ (ਲੋਕ ਪਰਲੋਕ ਵਿਚ) ਐਸੀ ਇੱਜ਼ਤ ਮਿਲਦੀ ਹੈ ਕਿ ਹੈਰਾਨ ਹੋ ਜਾਈਦਾ ਹੈ ਰਹਾਉ॥ ਸਹਜ = ਆਤਮਕ ਅਡੋਲਤਾ। ਮੰਗਲ = ਖ਼ੁਸ਼ੀਆਂ। ਰਸ = ਸੁਆਦ। ਅਚਰਜ = ਹੈਰਾਨ ਕਰ ਦੇਣ ਵਾਲੀ। ਬਡਾਈ = ਇੱਜ਼ਤ ॥ਰਹਾਉ॥
ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥
Seeking the Sanctuary of the Guru, my fears have been dispelled, and I am accepted in the Court of the True Lord.
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਆ ਪੈਂਦੇ ਹਨ, ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਸਾਚੀ = ਸਦਾ ਕਾਇਮ ਰਹਿਣ ਵਾਲੀ। ਮਾਨੇ = ਆਦਰ ਪਾਂਦੇ ਹਨ।
ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥
Singing His Glorious Praises, and worshipping in adoration the Name of the Lord, I have reached my destination. ||2||
ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਕੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹ ਆਪਣੇ (ਉਸ ਹਿਰਦੇ-) ਥਾਂ ਵਿਚ ਆ ਟਿਕਦੇ ਹਨ (ਜਿਥੋਂ ਕੋਈ ਵਿਕਾਰ ਉਹਨਾਂ ਨੂੰ ਕੱਢ ਕੇ ਭਟਕਣਾ ਵਿਚ ਨਹੀਂ ਪਾ ਸਕਦਾ) ॥੨॥ ਆਰਾਧਿ = ਸਿਮਰ ਕੇ। ਅਪੁਨੈ ਥਾਨੇ = ਉਸ ਥਾਂ ਤੇ ਜਿਥੋਂ ਕੋਈ ਵਿਕਾਰ ਭਟਕਣਾ ਵਿਚ ਨਹੀਂ ਪਾ ਸਕਦਾ ॥੨॥
ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥
Everyone applauds and congratulates me; the Saadh Sangat, the Company of the Holy, is dear to me.
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸੰਗਤਿ ਪਿਆਰੀ ਲੱਗਣ ਲੱਗ ਪੈਂਦੀ ਹੈ, ਸਾਰੀ ਲੁਕਾਈ ਉਸ ਦੀ ਵਡਿਆਈ ਕਰਦੀ ਹੈ, ਸੋਭਾ ਕਰਦੀ ਹੈ। ਜੈ ਜੈਕਾਰੁ = ਵਡਿਆਈ, ਆਦਰ-ਮਾਣ। ਸਭ = ਸਾਰੀ ਲੁਕਾਈ। ਉਸਤਤਿ = ਸੋਭਾ। ਸਾਧ = ਗੁਰੂ।
ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥
I am forever a sacrifice to my God, who has totally protected and preserved my honor. ||3||
ਹੇ ਭਾਈ! ਮੈਂ (ਭੀ) ਆਪਣੇ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਮੈਨੂੰ ਗੁਰੂ ਦੀ ਸਰਨ ਪਾ ਕੇ) ਮੇਰੀ ਇੱਜ਼ਤ ਪੂਰੇ ਤੌਰ ਤੇ ਰੱਖ ਲਈ ਹੈ ॥੩॥ ਸਦ = ਸਦਾ। ਬਲਿਹਾਰਿ ਜਾਉ = ਮੈਂ ਸਦਕੇ ਜਾਂਦਾ ਹਾਂ (ਜਾਉਂ)! ਜਿਨਿ = ਜਿਸ (ਪ੍ਰਭੂ) ਨੇ। ਪੈਜ = ਇੱਜ਼ਤ ॥੩॥
ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥
They are saved, who receive the Blessed Vision of His Darshan; they listen to the spiritual dialogue of the Naam.
ਹੇ ਭਾਈ! ਜਿਸ ਜਿਸ ਮਨੁੱਖ ਨੇ (ਗੁਰੂ ਦਾ) ਦਰਸਨ ਕੀਤਾ ਹੈ, ਉਹਨਾਂ ਨੂੰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਗਿਆ, ਉਹਨਾਂ ਨੂੰ ਆਤਮਕ ਜੀਵਨ ਦੀ ਸੂਝ ਪ੍ਰਾਪਤ ਹੋ ਗਈ, ਪ੍ਰਭੂ ਦਾ ਨਾਮ ਸੁਣ ਸੁਣ ਕੇ ਉਹ ਮਨੁੱਖ (ਵਿਕਾਰਾਂ ਦੇ ਹੱਲਿਆਂ ਤੋਂ) ਬਚ ਗਏ। ਗੋਸਟਿ = ਮਿਲਾਪ। ਗਿਆਨੁ = ਆਤਮਕ ਜੀਵਨ ਦੀ ਸੂਝ। ਸੁਣਿ = ਸੁਣ ਕੇ। ਉਧਾਰੇ = ਵਿਕਾਰਾਂ ਤੋਂ ਬਚ ਜਾਂਦੇ ਹਨ। ਜਿਨਿ ਜਿਨਿ = ਜਿਸ ਮਨੁੱਖ ਨੇ।
ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥
Nanak's God has become Merciful to him; he has arrived home in ecstasy. ||4||13||24||
ਹੇ ਨਾਨਕ! ਜਿਸ ਮਨੁੱਖ ਉਤੇ ਪਿਆਰਾ ਪ੍ਰਭੂ ਦਇਆਵਾਨ ਹੋਇਆ ਉਹ ਮਨੁੱਖ ਆਤਮਕ ਅਨੰਦ ਨਾਲ ਪ੍ਰਭੂ-ਚਰਨਾਂ ਵਿਚ ਲੀਨ ਹੋ ਗਿਆ ॥੪॥੧੩॥੨੪॥ ਸੇਤੀ = ਨਾਲ। ਘਰਿ = ਘਰ ਵਿਚ, ਹਿਰਦੇ-ਘਰ ਵਿਚ ॥੪॥੧੩॥੨੪॥