ਸੂਹੀ ਮਹਲਾ ੫ ॥
Soohee, Fifth Mehl:
ਸੂਹੀ ਪੰਜਵੀਂ ਪਾਤਿਸ਼ਾਹੀ।
ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥
Whatever God causes to happen is accepted, by those who are attuned to the Love of the Lord's Name.
ਹੇ ਭਾਈ! ਉਹ ਸੰਤ ਜਨ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ। ਜੋ ਕੁਝ ਪਰਮਾਤਮਾ ਕਰਦਾ ਹੈ, ਉਸ ਨੂੰ ਉਹ ਪਰਮਾਤਮਾ ਦਾ ਕੀਤਾ ਹੀ ਮੰਨਦੇ ਹਨ। ਕਰੈ = (ਪਰਮਾਤਮਾ) ਕਰਦਾ ਹੈ। ਪ੍ਰਭ ਮਾਨਹਿ = ਪ੍ਰਭੂ ਦਾ ਕੀਤਾ ਮੰਨਦੇ ਹਨ। ਓਇ = ਉਹ ਸੰਤ ਜਨ {ਲਫ਼ਜ਼ 'ਓਹੁ' ਤੋਂ ਬਹੁ-ਵਚਨ}। ਰੰਗਿ = ਰੰਗ ਵਿਚ। ਰਾਤੇ = ਰੰਗੇ ਹੋਏ।
ਤਿਨੑ ਕੀ ਸੋਭਾ ਸਭਨੀ ਥਾਈ ਜਿਨੑ ਪ੍ਰਭ ਕੇ ਚਰਣ ਪਰਾਤੇ ॥੧॥
Those who fall at the Feet of God are respected everywhere. ||1||
ਹੇ ਭਾਈ! ਜਿਨ੍ਹਾਂ ਪਰਮਾਤਮਾ ਦੇ ਚਰਨਾਂ ਨਾਲ ਸਾਂਝ ਪਾ ਲਈ, ਉਹਨਾਂ ਦੀ ਵਡਿਆਈ ਸਭ ਥਾਵਾਂ ਵਿਚ (ਖਿੱਲਰ ਜਾਂਦੀ ਹੈ) ॥੧॥ ਥਾਈ = ਥਾਈਂ, ਥਾਵਾਂ ਵਿਚ। ਪਰਾਤੇ = ਪਛਾਣੇ, ਸਾਂਝ ਪਾ ਲਈ ॥੧॥
ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥
O my Lord, no one is as great as the Lord's Saints.
ਹੇ ਮੇਰੇ ਪ੍ਰਭੂ! ਤੇਰੇ ਸੰਤਾਂ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਜੇਵਡੁ = ਜੇਡਾ, ਬਰਾਬਰ ਦਾ।
ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ ॥
The devotees are in harmony with their God; He is in the water, the land, and the sky. ||1||Pause||
ਹੇ ਭਾਈ! ਸੰਤ ਜਨਾਂ ਦੀ ਪਰਮਾਤਮਾ ਨਾਲ ਡੂੰਘੀ ਪ੍ਰੀਤ ਬਣੀ ਰਹਿੰਦੀ ਹੈ, ਉਹਨਾਂ ਨੂੰ ਪਰਮਾਤਮਾ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਵੱਸਦਾ ਦਿੱਸਦਾ ਹੈ ॥੧॥ ਰਹਾਉ ॥ ਸਿਉ = ਨਾਲ। ਜਲਿ = ਜਲ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ ॥੧॥ ਰਹਾਉ ॥
ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥
Millions of sinners have been saved in the Saadh Sangat, the Company of the Holy; the Messenger of Death does not even approach them.
ਹੇ ਭਾਈ! ਕ੍ਰੋੜਾਂ ਅਪਰਾਧ ਕਰਨ ਵਾਲਾ ਮਨੁੱਖ ਭੀ ਸੰਤ ਦੀ ਸੰਗਤਿ ਵਿਚ (ਟਿਕ ਕੇ) ਵਿਕਾਰਾਂ ਤੋਂ ਬਚ ਜਾਂਦਾ ਹੈ, (ਫਿਰ) ਜਮ ਉਸ ਦੇ ਨੇੜੇ ਨਹੀਂ ਆਉਂਦਾ। ਕੋਟਿ ਅਪ੍ਰਾਧੀ = ਕ੍ਰੋੜਾਂ ਪਾਪ ਕਰਨ ਵਾਲਾ। ਸੰਗਿ = ਸੰਗਤਿ ਵਿਚ। ਉਭਰੈ = ਵਿਕਾਰਾਂ ਤੋਂ ਬਚ ਜਾਂਦਾ ਹੈ। ਕੈ ਨੇੜਿ = ਦੇ ਨੇੜੇ।
ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨੑ ਹਰਿ ਸਿਉ ਆਣਿ ਮਿਲਾਵੈ ॥੨॥
Those who have been separated from the Lord, for countless incarnations, are reunited with the Lord again. ||2||
ਜੇ ਕੋਈ ਮਨੁੱਖ ਅਨੇਕਾਂ ਜਨਮਾਂ ਤੋਂ ਪਰਮਾਤਮਾ ਨਾਲੋਂ ਵਿਛੁੜਿਆ ਹੋਵੇ-ਸੰਤ ਅਜੇਹੇ ਅਨੇਕਾਂ ਮਨੁੱਖਾਂ ਨੂੰ ਲਿਆ ਕੇ ਪਰਮਾਤਮਾ ਨਾਲ ਮਿਲਾ ਦੇਂਦਾ ਹੈ ॥੨॥ ਸਿਉ = ਨਾਲ। ਆਣਿ = ਲਿਆ ਕੇ ॥੨॥
ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥
Attachment to Maya, doubt and fear are eradicated, when one enters the Sanctuary of the Saints.
ਹੇ ਭਾਈ! ਜੇਹੜਾ ਭੀ ਮਨੁੱਖ ਸੰਤ ਦੀ ਸਰਨ ਆ ਪੈਂਦਾ ਹੈ, ਸੰਤ ਉਸ ਦੇ ਅੰਦਰੋਂ ਮਾਇਆ ਦਾ ਮੋਹ, ਭਟਕਣਾ, ਡਰ ਦੂਰ ਕਰ ਦੇਂਦਾ ਹੈ। ਭਰਮੁ = ਭਟਕਣਾ।
ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥
Whatever wishes one harbors, are obtained from the Saints. ||3||
ਮਨੁੱਖ ਜਿਹੋ ਜਿਹੀ ਵਾਸਨਾ ਧਾਰ ਕੇ ਪ੍ਰਭੂ ਦਾ ਸਿਮਰਨ ਕਰਦਾ ਹੈ ਉਹ ਉਹੀ ਫ਼ਲ ਸੰਤ ਜਨਾਂ ਤੋਂ ਪ੍ਰਾਪਤ ਕਰ ਲੈਂਦਾ ਹੈ ॥੩॥ ਕਰਿ = ਕਰ ਕੇ, ਧਾਰ ਕੇ। ਤੇ = ਤੋਂ, ਪਾਸੋਂ ॥੩॥
ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥
How can I describe the glory of the Lord's humble servants? They are pleasing to their God.
ਹੇ ਭਾਈ! ਜੇਹੜੇ ਸੇਵਕ ਆਪਣੇ ਪ੍ਰਭੂ ਨੂੰ ਪਿਆਰੇ ਲੱਗ ਚੁਕੇ ਹਨ, ਮੈਂ ਉਹਨਾਂ ਦੀ ਕਿਤਨੀ ਕੁ ਵਡਿਆਈ ਬਿਆਨ ਕਰਾਂ? ਮਹਿਮਾ = ਵਡਿਆਈ। ਕੇਤਕ = ਕਿਤਨੀ ਕੁ। ਬਰਨਉ = ਬਰਨਉਂ, ਮੈਂ ਬਿਆਨ ਕਰਾਂ। ਭਾਣੇ = ਚੰਗੇ ਲੱਗੇ।
ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥
Says Nanak, those who meet the True Guru, become independent of all obligations. ||4||4||51||
ਨਾਨਕ ਆਖਦਾ ਹੈ- ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪਿਆ, ਉਹ ਸਾਰੀ ਲੁਕਾਈ ਤੋਂ ਬੇ-ਮੁਥਾਜ ਹੋ ਗਏ ॥੪॥੪॥੫੧॥ ਸਭ ਤੇ = ਸਾਰੀ ਲੁਕਾਈ ਤੋਂ। ਨਿਕਾਣੇ = ਬੇ-ਮੁਥਾਜ ॥੪॥੪॥੫੧॥