ਵਡਹੰਸੁ ਮਹਲਾ ੩ ॥
Wadahans, Third Mehl:
ਵਡਹੰਸ ਤੀਜੀ ਪਾਤਿਸ਼ਾਹੀ।
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥
My tongue is intuitively attracted to the taste of the Lord.
ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਰਸਨਾ = ਜੀਭ। ਸਾਦਿ = ਸੁਆਦ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ।
ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥
My mind is satisfied, meditating on the Name of the Lord. ||1||
ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਤ੍ਰਿਪਤਿਆ = ਰੱਜ ਜਾਂਦਾ ਹੈ। ਧਿਆਇ = ਸਿਮਰ ਕੇ ॥੧॥
ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥
Lasting peace is obtained, contemplating the Shabad, the True Word of God.
ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਸਾਚੈ ਸਬਦਿ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਜੁੜਿਆਂ)। ਵੀਚਾਰੀ = ਵਿਚਾਰਵਾਨ।
ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥
I am forever a sacrifice to my True Guru. ||1||Pause||
ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ ਵਿਟਹੁ = ਤੋਂ। ਬਲਿਹਾਰੀ = ਕੁਰਬਾਨ ॥੧॥ ਰਹਾਉ ॥
ਅਖੀ ਸੰਤੋਖੀਆ ਏਕ ਲਿਵ ਲਾਇ ॥
My eyes are content, lovingly focused on the One Lord.
ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਸੰਤੋਖੀਆ = ਰੱਜ ਜਾਂਦੀਆਂ ਹਨ। ਲਿਵ ਲਾਇ = ਸੁਰਤ ਜੋੜ ਕੇ।
ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥
My mind is content, having forsaken the love of duality. ||2||
ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਦੂਜਾ ਭਾਉ = ਮਾਇਆ ਦਾ ਪਿਆਰ ॥੨॥
ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥
The frame of my body is at peace, through the Shabad, and the Name of the Lord.
ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਦੇਹ = ਸਰੀਰ। ਸਰੀਰਿ = ਸਰੀਰ ਵਿਚ। ਸਬਦਿ = ਸ਼ਬਦ ਦੀ ਰਾਹੀਂ। ਨਾਇ = ਨਾਮ ਵਿਚ (ਜੁੜਿਆਂ)।
ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥
The fragrance of the Naam permeates my heart. ||3||
ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਪਰਮਲੁ = {परिमल} ਸੁਗੰਧੀ, ਸੁਗੰਧੀ ਦੇਣ ਵਾਲਾ ਪਦਾਰਥ ॥੩॥
ਨਾਨਕ ਮਸਤਕਿ ਜਿਸੁ ਵਡਭਾਗੁ ॥
O Nanak, one who has such great destiny written upon his forehead,
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਮਸਤਕਿ = ਮੱਥੇ ਉਤੇ। ਮਸਤਕਿ ਜਿਸੁ = ਜਿਸ ਦੇ ਮੱਥੇ ਉਤੇ।
ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥
through the Bani of the Guru's Word, easily and intuitively becomes free of desire. ||4||7||
ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥ ਸਹਜ ਬੈਰਾਗੁ = ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ। ਬੈਰਾਗੁ = ਨਿਰਮੋਹਤਾ ॥੪॥੭॥