ਸਿਰੀਰਾਗੁ ਮਹਲਾ ੩ ॥
Siree Raag, Third Mehl:
ਸਿਰੀ ਰਾਗ, ਤੀਜੀ ਪਾਤਸ਼ਾਹੀ।
ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ ॥
The self-willed manmukh performs religious rituals, like the unwanted bride decorating her body.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ (ਧਾਰਮਿਕ) ਕੰਮ ਕਮਾਣੇ ਇਉਂ ਹਨ ਜਿਵੇਂ ਕੋਈ ਛੁੱਟੜ ਇਸਤ੍ਰੀ (ਆਪਣੇ) ਸਰੀਰ ਉੱਤੇ ਸਿੰਗਾਰ ਕਰਦੀ ਹੈ। ਕਰਮ = (ਧਾਰਮਿਕ) ਕੰਮ। ਦੋਹਾਗਾਣਿ = {दुभागिनी} ਮੰਦ-ਭਾਗਣ ਇਸਤ੍ਰੀ, ਛੁੱਟੜ। ਤਨਿ = ਸਰੀਰ ਉਤੇ।
ਸੇਜੈ ਕੰਤੁ ਨ ਆਵਈ ਨਿਤ ਨਿਤ ਹੋਇ ਖੁਆਰੁ ॥
Her Husband Lord does not come to her bed; day after day, she grows more and more miserable.
ਉਸ ਦਾ ਪਤੀ (ਉਸ ਦੀ) ਸੇਜ ਉਤੇ (ਕਦੇ) ਨਹੀਂ ਆਉਂਦਾ, ਉਹ ਵਿਅਰਥ ਸਿੰਗਾਰ ਕਰ ਕੇ) ਸਦਾ ਖ਼ੁਆਰ ਹੁੰਦੀ ਹੈ। ਨ ਆਵਈ = ਨ ਆਵਏ, ਨ ਆਵੈ, ਨਹੀਂ ਆਉਂਦਾ।
ਪਿਰ ਕਾ ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥੧॥
She does not attain the Mansion of His Presence; she does not find the door to His House. ||1||
(ਇਸੇ ਤਰ੍ਹਾਂ ਮਨਮੁਖ ਮਨੁੱਖ ਵਿਖਾਏ ਦੇ ਧਾਰਮਿਕ ਕੰਮਾਂ ਨਾਲ) ਪ੍ਰਭੂ-ਪਤੀ ਦੀ ਹਜ਼ੂਰੀ ਨਹੀਂ ਪ੍ਰਾਪਤ ਕਰ ਸਕਦਾ, ਉਸ ਨੂੰ ਪ੍ਰਭੂ ਦਾ ਦਰ-ਘਰ ਨਹੀਂ ਦਿੱਸਦਾ ॥੧॥ ਪਾਵਈ = ਪਾਵਏ, ਪਾਵੈ। ਬਾਰੁ = ਦਰਵਾਜ਼ਾ॥੧॥
ਭਾਈ ਰੇ ਇਕ ਮਨਿ ਨਾਮੁ ਧਿਆਇ ॥
O Siblings of Destiny, meditate on the Naam with one-pointed mind.
ਹੇ ਭਾਈ! ਇਕਾਗ੍ਰ-ਮਨ ਹੋ ਕੇ ਪਰਾਮਤਮਾ ਦਾ ਨਾਮ ਸਿਮਰ। ਇਕ ਮਨਿ = ਇਕ ਮਨ ਦੀ ਰਾਹੀਂ, ਇਕਾਗ੍ਰ-ਮਨ ਹੋ ਕੇ।
ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥੧॥ ਰਹਾਉ ॥
Remain united with the Society of the Saints; chant the Name of the Lord, and find peace. ||1||Pause||
ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹਿੰਦਾ ਹੈ ਉਹ ਪਰਮਾਤਮਾ ਦਾ ਨਾਮ ਸਿਮਰ ਕੇ ਸੁਖ ਮਾਣਦਾ ਹੈ ॥੧॥ ਰਹਾਉ ॥ ਜਪਿ = ਜਪ ਕੇ॥੧॥ਰਹਾਉ॥
ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ ॥
The Gurmukh is the happy and pure soul-bride forever. She keeps her Husband Lord enshrined within her heart.
ਸਦਾ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸੁਹਾਗਣਾਂ (ਵਾਂਗ) ਹਨ, ਉਹ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਸੋਹਾਗਣੀ = {सौभागिनी} ਚੰਗੇ ਭਾਗਾਂ ਵਾਲੀ। ਉਰ ਧਾਰਿ = ਹਿਰਦੇ ਵਿਚ ਟਿਕਾ ਕੇ।
ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥
Her speech is sweet, and her way of life is humble. She enjoys the Bed of her Husband Lord.
ਉਹ (ਸਭਨਾਂ ਨਾਲ) ਮਿੱਠੇ ਬੋਲ ਬੋਲਦੇ ਹਨ, ਨਿਊਂ ਕੇ ਤੁਰਦੇ ਹਨ (ਗਰੀਬੀ ਸੁਭਾਵ ਵਾਲੇ ਹੁੰਦੇ ਹਨ), ਉਹਨਾਂ ਦੇ ਹਿਰਦੇ-ਸੇਜ ਨੂੰ ਪ੍ਰਭੂ-ਪਤੀ ਮਾਣਦਾ ਹੈ। ਭਤਾਰੁ = ਖਸਮ।
ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥੨॥
The happy and pure soul-bride is noble; she has infinite love for the Guru. ||2||
ਜਿਨ੍ਹਾਂ ਮਨੁੱਖਾਂ ਨੇ ਗੁਰੂ ਦਾ ਅਤੁੱਟ ਪਿਆਰ (ਆਪਣੇ ਹਿਰਦੇ ਵਿਚ ਵਸਾਇਆ ਹੈ) ਉਹ ਉਹਨਾਂ ਸੁਹਾਗਣਾਂ ਵਾਂਗ ਹਨ ਜਿਨ੍ਹਾਂ ਸੋਭਾ ਖੱਟੀ ਹੈ ॥੨॥ ਹੇਤੁ = ਪਿਆਰ। ਅਪਾਰੁ = ਬਹੁਤ, ਅਥਾਹ॥੨॥
ਪੂਰੈ ਭਾਗਿ ਸਤਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ ॥
By perfect good fortune, one meets the True Guru, when one's destiny is awakened.
ਜਦੋਂ ਕਿਸੇ ਮਨੁੱਖ ਦਾ ਭਾਗ ਜਾਗ ਪਏ, ਤਾਂ ਵੱਡੀ ਕਿਸਮਤ ਨਾਲ ਉਸ ਨੂੰ ਸਤਿਗੁਰੂ ਮਿਲ ਪੈਂਦਾ ਹੈ। ਉਦਉ = {उदय} ਪ੍ਰਗਟਾਵਾ।
ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ ॥
Suffering and doubt are cut out from within, and peace is obtained.
(ਗੁਰੂ ਦੇ ਮਿਲਣ ਨਾਲ) ਹਿਰਦੇ ਵਿਚੋਂ ਦੁੱਖ ਕੱਟਿਆ ਜਾਂਦਾ ਹੈ, ਭਟਕਣਾ ਦੂਰ ਹੋ ਜਾਂਦੀ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ। ਭ੍ਰਮੁ = ਭਟਕਣਾ।
ਗੁਰ ਕੈ ਭਾਣੈ ਜੋ ਚਲੈ ਦੁਖੁ ਨ ਪਾਵੈ ਕੋਇ ॥੩॥
One who walks in harmony with the Guru's Will shall not suffer in pain. ||3||
ਜੇਹੜਾ ਭੀ ਮਨੁੱਖ ਗੁਰੂ ਦੇ ਹੁਕਮ ਵਿਚ ਹੈ, ਉਹ ਕਦੇ ਦੁੱਖ ਨਹੀਂ ਪਾਂਦਾ ॥੩॥
ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥
The Amrit, the Ambrosial Nectar, is in the Guru's Will. With intuitive ease, it is obtained.
ਗੁਰੂ ਦੀ ਰਜ਼ਾ ਵਿਚ ਨਾਮ-ਅੰਮ੍ਰਿਤ ਹੈ (ਜੇਹੜਾ ਰਜ਼ਾ ਵਿਚ ਤੁਰਦਾ ਹੈ) ਉਹ ਆਤਮਕ ਅਡੋਲਤਾ ਵਿਚ ਟਿਕ ਕੇ ਅੰਮ੍ਰਿਤ ਪੀਂਦਾ ਹੈ। ਸਹਜੇ = ਸਹਜਿ ਹੀ, ਆਤਮਕ ਅਡੋਲਤਾ ਵਿਚ ਹੀ।
ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ ॥
Those who are destined to have it, drink it in; their egotism is eradicated from within.
ਜਿਨ੍ਹਾਂ ਮਨੁੱਖਾਂ ਨੂੰ ਇਹ ਅੰਮ੍ਰਿਤ ਲੱਭ ਪਿਆ, ਉਹਨਾਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਪੀਤਾ। ਖੋਇ = ਨਾਸ ਕਰ ਕੇ।
ਨਾਨਕ ਗੁਰਮੁਖਿ ਨਾਮੁ ਧਿਆਈਐ ਸਚਿ ਮਿਲਾਵਾ ਹੋਇ ॥੪॥੧੩॥੪੬॥
O Nanak, the Gurmukh meditates on the Naam, and is united with the True Lord. ||4||13||46||
ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ। (ਸਿਮਰਨ ਦੀ ਬਰਕਤਿ ਨਾਲ) ਸਦਾ-ਥਿਰ ਪ੍ਰਭੂ ਵਿਚ ਮੇਲ ਹੋ ਜਾਂਦਾ ਹੈ ॥੪॥੧੩॥੪੬॥ ਸਚਿ = ਸਦਾ-ਥਿਰ ਪ੍ਰਭੂ ਵਿਚ॥੪॥