ਸਿਰੀਰਾਗੁ ਮਹਲਾ ੧ ॥
Siree Raag, First Mehl:
ਸਿਰੀ ਰਾਗ ਪਹਿਲੀ ਪਾਤਸ਼ਾਹੀ।
ਮਨਮੁਖਿ ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥
The self-willed manmukhs wander around, deluded and deceived. They find no place of rest.
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਇਸਤ੍ਰੀ (ਜੀਵਨ ਦੇ) ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਮਾਇਆ ਉਸ ਨੂੰ ਕੁਰਾਹੇ ਪਾ ਦੇਂਦੀ ਹੈ, ਰਾਹੋਂ ਖੁੰਝੀ ਹੋਈ ਨੂੰ (ਗੁਰੂ ਤੋਂ ਬਿਨਾ) ਕੋਈ (ਐਸਾ) ਥਾਂ ਨਹੀਂ ਲੱਭਦਾ (ਜੇਹੜਾ ਉਸ ਨੂੰ ਰਸਤਾ ਵਿਖਾ ਦੇਵੇ)। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ। ਭੁਲੈ = ਰਾਹੋਂ ਖੁੰਝ ਜਾਂਦੀ ਹੈ। ਭੁਲਾਈਐ = ਕੁਰਾਹੇ ਪਾਈ ਜਾਂਦੀ ਹੈ। ਠਉਰ = ਥਾਂ, ਸਹਾਰਾ।
ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥
Without the Guru, no one is shown the Way. Like the blind, they continue coming and going.
ਗੁਰੂ ਤੋਂ ਬਿਨਾ ਹੋਰ ਕੋਈ ਭੀ (ਸਹੀ ਰਸਤਾ) ਵਿਖਾ ਨਹੀਂ ਸਕਦਾ। (ਮਾਇਆ ਦੇ ਵਿਚ) ਅੰਨ੍ਹੀ ਹੋਈ ਜੀਵ-ਇਸਤ੍ਰੀ ਭਟਕਦੀ ਫਿਰਦੀ ਹੈ। ਅੰਧੀ = ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ। ਆਵੈ ਜਾਇ = ਆਉਂਦੀ ਹੈ ਜਾਂਦੀ ਹੈ, ਭਟਕਦੀ ਫਿਰਦੀ ਹੈ।
ਗਿਆਨ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥੧॥
Having lost the treasure of spiritual wisdom, they depart, defrauded and plundered. ||1||
ਜਿਸ ਭੀ ਜੀਵ ਨੇ (ਮਾਇਆ ਦੇ ਢਹੇ ਚੜ੍ਹ ਕੇ) ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਕਰਨ ਵਾਲਾ ਨਾਮ-ਧਨ ਗਵਾ ਲਿਆ ਹੈ, ਉਹ ਠੱਗਿਆ ਜਾਂਦਾ ਹੈ, ਉਹ (ਆਤਮਕ ਜੀਵਨ ਵਲੋਂ) ਲੁੱਟਿਆ ਜਾਂਦਾ ਹੈ ॥੧॥ ਗਿਆਨ ਪਦਾਰਥੁ = ਪਰਮਾਤਮਾ ਨਾਲ ਡੂੰਘੀ ਸਾਂਝ ਪੈਦਾ ਕਰਨ ਵਾਲਾ ਨਾਮ-ਪਦਾਰਥ ॥੧॥
ਬਾਬਾ ਮਾਇਆ ਭਰਮਿ ਭੁਲਾਇ ॥
O Baba, Maya deceives with its illusion.
ਹੇ ਭਾਈ! ਮਾਇਆ (ਜੀਵਾਂ ਨੂੰ) ਭੁਲੇਖੇ ਵਿਚ ਪਾ ਕੇ ਕੁਰਾਹੇ ਪਾ ਦੇਂਦੀ ਹੈ। ਭਰਮਿ = ਭੁਲੇਖੇ ਵਿਚ (ਪਾ ਕੇ)।
ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥੧॥ ਰਹਾਉ ॥
Deceived by doubt, the discarded bride is not received into the Lap of her Beloved. ||1||Pause||
ਜੇਹੜੀ ਭਾਗ ਹੀਣ ਜੀਵ-ਇਸਤ੍ਰੀ ਭੁਲੇਖੇ ਵਿਚ ਪੈ ਕੇ ਕੁਰਾਹੇ ਪੈਂਦੀ ਹੈ, ਉਹ (ਕਦੇ ਭੀ) ਪ੍ਰਭੂ-ਪਤੀ ਦੇ ਚਰਨਾਂ ਵਿਚ ਲੀਨ ਨਹੀਂ ਹੋ ਸਕਦੀ ॥੧॥ ਰਹਾਉ ॥ ਡੋਹਾਗਣੀ = ਮੰਦੇ ਭਾਗਾਂ ਵਾਲੀ। ਪਿਰ ਅੰਕਿ = ਪਿਰ ਦੇ ਅੰਕ ਵਿਚ, ਪਤੀ ਦੀ ਗਲਵੱਕੜੀ ਵਿਚ ॥੧॥ ਰਹਾਉ ॥
ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥
The deceived bride wanders around in foreign lands; she leaves, and abandons her own home.
ਜੀਵਨ ਦੇ ਰਾਹ ਤੋਂ ਖੁੰਝੀ ਹੋਈ ਜੀਵ-ਇਸਤ੍ਰੀ ਹੀ ਗ੍ਰਿਹਸਤ ਤਿਆਗ ਕੇ ਦੇਸ ਦੇਸਾਂਤਰਾਂ ਵਿਚ ਫਿਰਦੀ ਹੈ। ਦਿਸੰਤਰੀ = {ਦੇਸ-ਅੰਤਰੀ} ਹੋਰ ਹੋਰ ਦੇਸਾਂ ਵਿਚ। ਤਜਿ ਜਾਇ = ਛੱਡ ਜਾਂਦੀ ਹੈ।
ਭੂਲੀ ਡੂੰਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥
Deceived, she climbs the plateaus and mountains; her mind wavers in doubt.
ਖੁੰਝੀ ਹੋਈ ਹੀ ਕਦੇ ਕਿਸੇ ਪਹਾੜ (ਦੀ ਗੁਫ਼ਾ) ਵਿਚ ਬੈਠਦੀ ਹੈ ਕਦੇ ਕਿਸੇ ਟਿੱਲੇ ਉੱਤੇ ਚੜ੍ਹ ਬੈਠਦੀ ਹੈ, ਭਟਕਦੀ ਫਿਰਦੀ ਹੈ, ਉਸਦਾ ਮਨ (ਮਾਇਆ ਦੇ ਅਸਰ ਹੇਠ) ਡੋਲਦਾ ਹੈ। ਡੂੰਗਰਿ = ਪਹਾੜ ਉਤੇ।
ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥੨॥
Separated from the Primal Being, how can she meet with Him again? Plundered by pride, she cries out and bewails. ||2||
(ਆਪਣੇ ਕੀਤੇ ਕਰਮਾਂ ਦੇ ਕਾਰਨ) ਧੁਰੋਂ ਪ੍ਰਭੂ ਦੇ ਹੁਕਮ ਅਨੁਸਾਰ ਵਿੱਛੁੜੀ ਹੋਈ (ਪ੍ਰਭੂ-ਚਰਨਾਂ ਵਿਚ) ਜੁੜ ਨਹੀਂ ਸਕਦੀ, ਉਹ ਤਾਂ (ਤਿਆਗ ਆਦਿਕ ਦੇ) ਅਹੰਕਾਰ ਵਿਚ ਲੁੱਟੀ ਜਾ ਰਹੀ ਹੈ, ਤੇ (ਵਿਛੋੜੇ ਵਿਚ) ਕਲਪਦੀ ਹੈ ॥੨॥ ਵਿਛੁੰਨੀ = ਵਿੱਛੁੜੀ ਹੋਈ। ਗਰਬਿ = ਅਹੰਕਾਰ ਦੀ ਰਾਹੀਂ ॥੨॥
ਵਿਛੁੜਿਆ ਗੁਰੁ ਮੇਲਸੀ ਹਰਿ ਰਸਿ ਨਾਮ ਪਿਆਰਿ ॥
The Guru unites the separated ones with the Lord again, through the love of the Delicious Name of the Lord.
ਪ੍ਰਭੂ ਤੋਂ ਵਿੱਛੁੜਿਆਂ ਨੂੰ ਗੁਰੂ ਹਰਿ-ਨਾਮ ਦੇ ਆਨੰਦ ਵਿਚ ਜੋੜ ਕੇ, ਨਾਮ ਦੇ ਪਿਆਰ ਵਿਚ ਜੋੜ ਕੇ (ਮੁੜ ਪ੍ਰਭੂ ਨਾਲ) ਮਿਲਾਂਦਾ ਹੈ। ਰਸਿ = ਰਸ ਵਿਚ। ਪਿਆਰਿ = ਪਿਆਰ ਵਿਚ।
ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥
Through truth and intuitive poise, great honor is obtained, with the Support of the Naam and the Glory of the Lord.
ਹਰੀ ਦੇ ਗੁਣਾਂ ਦੀ ਬਰਕਤਿ ਨਾਲ ਹਰੀ-ਨਾਮ ਦੇ ਆਸਰੇ ਨਾਲ ਸਦਾ-ਥਿਰ ਪ੍ਰਭੂ ਵਿਚ (ਜੁੜਿਆਂ) ਅਡੋਲ ਅਵਸਥਾ ਵਿਚ (ਟਿਕਿਆਂ) ਬੜੀ ਸੋਭਾ (ਭੀ ਮਿਲਦੀ ਹੈ)। ਸਹਜਿ = ਅਡੋਲ ਅਵਸਥਾ ਵਿਚ (ਟਿਕ ਕੇ)। ਅਧਾਰਿ = ਆਸਰੇ ਦੇ ਕਾਰਨ।
ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥੩॥
As it pleases You, Lord, please save and protect me. Without You, O my Husband Lord, who else is there for me? ||3||
(ਮੈਂ ਤੇਰਾ ਦਾਸ ਬੇਨਤੀ ਕਰਦਾ ਹਾਂ-ਹੇ ਪ੍ਰਭੂ!) ਜਿਵੇਂ ਤੇਰੀ ਰਜ਼ਾ ਹੋ ਸਕੇ, ਮੈਨੂੰ ਆਪਣੇ ਚਰਨਾਂ ਵਿਚ ਰੱਖ। ਤੈਥੋਂ ਬਿਨਾ ਮੇਰਾ ਖਸਮ-ਸਾਈਂ ਹੋਰ ਕੋਈ ਨਹੀਂ ॥੩॥
ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥
Reading their books over and over again, people continue making mistakes; they are so proud of their religious robes.
ਵਿੱਦਿਆ ਪੜ੍ਹ ਪੜ੍ਹ ਕੇ (ਭੀ ਵਿੱਦਿਆ ਦੇ ਅਹੰਕਾਰ ਕਾਰਨ) ਕੁਰਾਹੇ ਹੀ ਪਈਦਾ ਹੈ, (ਗ੍ਰਿਹਸਤ-ਤਿਆਗੀਆਂ ਦੇ) ਭੇਖਾਂ ਨਾਲ ਭੀ (ਮਨ ਵਿਚ) ਬੜਾ ਮਾਣ ਪੈਦਾ ਹੁੰਦਾ ਹੈ। ਅਖਰ = ਵਿਦਿਆ।
ਤੀਰਥ ਨਾਤਾ ਕਿਆ ਕਰੇ ਮਨ ਮਹਿ ਮੈਲੁ ਗੁਮਾਨੁ ॥
But what is the use of bathing at sacred shrines of pilgrimage, when the filth of stubborn pride is within the mind?
ਤੀਰਥਾਂ ਉੱਤੇ ਇਸ਼ਨਾਨ ਕਰਨ ਨਾਲ ਭੀ ਜੀਵ ਕੁਝ ਨਹੀਂ ਸੰਵਾਰ ਸਕਦਾ, ਕਿਉਂਕਿ ਮਨ ਵਿਚ (ਇਸ) ਅਹੰਕਾਰ ਦੀ ਮੈਲ ਟਿਕੀ ਰਹਿੰਦੀ ਹੈ (ਕਿ ਮੈਂ ਤੀਰਥ ਇਸ਼ਨਾਨੀ ਹਾਂ)।
ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥੪॥
Other than the Guru, who can explain that within the mind is the Lord, the King, the Emperor? ||4||
(ਹਰੇਕ ਖੁੰਝੇ ਹੋਏ ਰਸਤੇ ਵਿਚ) ਮਨ (ਇਸ ਸਰੀਰ-ਨਗਰੀ ਦਾ) ਰਾਜਾ ਬਣਿਆ ਰਹਿੰਦਾ ਹੈ, ਸੁਲਤਾਨ ਬਣਿਆ ਰਹਿੰਦਾ ਹੈ। ਗੁਰੂ ਤੋਂ ਬਿਨਾ ਇਸ ਨੂੰ ਕਿਸੇ ਹੋਰ ਨੇ ਕਦੇ ਮਤਿ ਨਹੀਂ ਦਿੱਤੀ (ਕੋਈ ਇਸ ਨੂੰ ਸਮਝਾ ਨਹੀਂ ਸਕਿਆ) ॥੪॥ ਕਿਨਿ = ਕਿਸ ਨੇ? ॥੪॥
ਪ੍ਰੇਮ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥
The Treasure of the Lord's Love is obtained by the Gurmukh, who contemplates the essence of reality.
(ਹੇ ਬਾਬਾ!) ਗੁਰੂ ਦੀ ਸਰਨ ਪੈ ਕੇ ਆਪਣੇ ਮੂਲ-ਪ੍ਰਭੂ (ਦੇ ਗੁਣਾਂ) ਨੂੰ ਵਿਚਾਰ। ਗੁਰੂ ਦੀ ਸਰਨ ਪਿਆਂ ਹੀ (ਪ੍ਰਭੂ-ਚਰਨਾਂ ਨਾਲ) ਪ੍ਰੇਮ ਪੈਦਾ ਕਰਨ ਵਾਲਾ ਨਾਮ-ਧਨ ਮਿਲਦਾ ਹੈ।
ਸਾ ਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥
The bride eradicates her selfishness, and adorns herself with the Word of the Guru's Shabad.
ਜਿਸ ਜੀਵ-ਇਸਤ੍ਰੀ ਨੇ ਆਪਾ-ਭਾਵ ਦੂਰ ਕੀਤਾ ਹੈ, ਗੁਰੂ ਦੇ ਸ਼ਬਦ ਵਿਚ (ਜੁੜ ਕੇ ਆਤਮਕ ਜੀਵਨ ਨੂੰ ਆਪਾ-ਭਾਵ ਦੂਰ ਕਰਨ ਦਾ) ਸਿੰਗਾਰ ਕੀਤਾ ਹੈ, ਸਾ ਧਨ = ਜੀਵ-ਇਸਤ੍ਰੀ। ਆਪੁ = ਆਪਾ-ਭਾਵ।
ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ ॥੫॥
Within her own home, she finds her Husband, through infinite love for the Guru. ||5||
ਉਸ ਨੇ ਗੁਰੂ ਦੇ ਬਖ਼ਸ਼ੇ ਪ੍ਰੇਮ ਦੀ ਰਾਹੀਂ ਆਪਣੇ ਹਿਰਦੇ ਘਰ ਵਿਚ ਉਸ ਬੇਅੰਤ ਪ੍ਰਭੂ ਪਤੀ ਨੂੰ ਲੱਭ ਲਿਆ ਹੈ ॥੫॥ ਘਰ ਹੀ = ਘਰਿ ਹੀ, ਘਰ ਵਿਚ ਹੀ। ਗੁਰ ਕੈ ਹੇਤਿ = ਗੁਰੂ ਦੇ ਪਿਆਰ ਦੀ ਰਾਹੀਂ ॥੫॥
ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥
Applying oneself to the service of the Guru, the mind is purified, and peace is obtained.
ਗੁਰੂ ਦੀ ਦੱਸੀ ਹੋਈ ਸੇਵਾ ਕੀਤਿਆਂ ਚਾਕਰੀ ਕੀਤਿਆਂ ਮਨ ਪਵਿਤ੍ਰ ਹੋ ਜਾਂਦਾ ਹੈ, ਆਤਮਕ ਆਨੰਦ ਮਿਲਦਾ ਹੈ। ਚਾਕਰੀ = ਸੇਵਾ। ਮਨਿ = ਮਨ ਵਿਚ।
ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥
The Word of the Guru's Shabad abides within the mind, and egotism is eliminated from within.
ਜਿਸ ਮਨੁੱਖ ਦੇ ਮਨ ਵਿਚ ਗੁਰੂ ਦਾ ਸ਼ਬਦ (ਉਪਦੇਸ਼) ਵੱਸ ਪੈਂਦਾ ਹੈ, ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ। ਵਿਚਹੁ = ਆਪਣੇ ਅੰਦਰੋਂ।
ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥੬॥
The Treasure of the Naam is acquired, and the mind reaps the lasting profit. ||6||
ਜਿਸ ਮਨੁੱਖ ਨੇ (ਗੁਰੂ ਦੀ ਸਰਨ ਪੈ ਕੇ) ਨਾਮ-ਧਨ ਹਾਸਲ ਕਰ ਲਿਆ ਹੈ, ਉਸ ਦੇ ਮਨ ਵਿਚ ਸਦਾ ਲਾਭ ਹੁੰਦਾ ਹੈ (ਉਸ ਦੇ ਮਨ ਵਿਚ ਆਤਮਕ ਗੁਣਾਂ ਦਾ ਸਦਾ ਵਾਧਾ ਹੀ ਵਾਧਾ ਹੁੰਦਾ ਹੈ) ॥੬॥
ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥
If He grants His Grace, then we obtain it. We cannot find it by our own efforts.
ਪਰਮਾਤਮਾ ਮਿਲਦਾ ਹੈ ਤਾਂ ਆਪਣੀ ਮਿਹਰ ਨਾਲ ਹੀ ਮਿਲਦਾ ਹੈ, ਮਨੁੱਖ ਦੇ ਆਪਣੇ ਉਦਮ ਨਾਲ ਨਹੀਂ ਲਿਆ ਜਾ ਸਕਦਾ। ਕਰਮਿ = ਬਖ਼ਸ਼ਸ਼ ਦੀ ਰਾਹੀਂ, ਮਿਹਰ ਨਾਲ। ਆਪਿ = ਆਪਣੇ ਉੱਦਮ ਨਾਲ।
ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥
Remain attached to the Feet of the Guru, and eradicate selfishness from within.
(ਇਸ ਵਾਸਤੇ, ਹੇ ਭਾਈ!) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੇ ਚਰਨਾਂ ਵਿਚ ਟਿਕਿਆ ਰਹੁ।
ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥੭॥
Attuned to Truth, you shall obtain the True One. ||7||
(ਗੁਰ-ਸਰਨ ਦੀ ਬਰਕਤਿ ਨਾਲ ਜੇ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ ਰੰਗ ਵਿਚ ਰੰਗੇ ਰਹੀਏ, ਤਾਂ ਉਹ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ ॥੭॥ ਸੇਤੀ = ਨਾਲ। ਸਚੋ = ਸੱਚ ਹੀ। ਪਲੈ ਪਾਇ = ਮਿਲਦਾ ਹੈ ॥੭॥
ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥
Everyone makes mistakes; only the Guru and the Creator are infallible.
(ਹੇ ਬਾਬਾ! ਮਾਇਆ ਐਸੀ ਪ੍ਰਬਲ ਹੈ ਕਿ ਇਸ ਦੇ ਢਹੇ ਚੜ੍ਹ ਕੇ) ਹਰੇਕ ਜੀਵ ਗ਼ਲਤੀ ਖਾ ਜਾਂਦਾ ਹੈ, ਸਿਰਫ਼ ਗੁਰੂ ਹੈ ਤੇ ਕਰਤਾਰ ਹੈ ਜੋ (ਨਾਹ ਮਾਇਆ ਦੇ ਅਸਰ ਹੇਠ ਆਉਂਦਾ ਹੈ, ਤੇ) ਨਾਹ ਗ਼ਲਤੀ ਖਾਂਦਾ ਹੈ। ਭੁਲਣ ਅੰਦਰਿ = (ਮਾਇਆ ਦੇ ਅਸਰ ਹੇਠ ਆ ਕੇ) ਕੁਰਾਹੇ ਪੈਣ ਵਿਚ। ਸਭੁ ਕੋ = ਹਰੇਕ ਜੀਵ। ਅਭੁਲੁ = ਉਹ ਜੇਹੜਾ ਮਾਇਆ ਦੇ ਅਸਰ ਹੇਠ ਜੀਵਨ ਸਫ਼ਰ ਵਿਚ ਗ਼ਲਤ ਕਦਮ ਨਹੀਂ ਚੁੱਕਦਾ।
ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥
One who instructs his mind with the Guru's Teachings comes to embrace love for the Lord.
ਜਿਸ ਮਨੁੱਖ ਨੇ ਗੁਰੂ ਦੀ ਮਤਿ ਉੱਤੇ ਤੁਰ ਕੇ ਆਪਣੇ ਮਨ ਨੂੰ ਸਮਝ ਲਿਆ ਹੈ, ਉਸਦੇ ਅੰਦਰ (ਪਰਮਾਤਮਾ ਦਾ) ਪ੍ਰੇਮ ਬਣ ਜਾਂਦਾ ਹੈ।
ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥੮॥੧੨॥
O Nanak, do not forget the Truth; you shall receive the Infinite Word of the Shabad. ||8||12||
ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਅਪਾਰ ਪ੍ਰਭੂ ਮਿਲਾ ਦੇਂਦਾ ਹੈ ਉਸ ਨੂੰ ਉਹ ਸਦਾ-ਥਿਰ ਪ੍ਰਭੂ ਕਦੇ ਭੁੱਲਦਾ ਨਹੀਂ ॥੮॥੧੨॥{60-61} ਅਪਾਰੁ = ਬੇਅੰਤ ਪ੍ਰਭੂ ॥੮॥੧੨॥{60-61}