ਧਨਾਸਰੀ ਮਹਲਾ ੩ ਘਰੁ ੨ ਚਉਪਦੇ ॥

Dhanaasaree, Third Mehl, Second House, Chau-Padhay:

ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥

This wealth is inexhaustible. It shall never be exhausted, and it shall never be lost.

ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ। ਅਖੁਟੁ = ਕਦੇ ਨਾਹ ਮੁੱਕਣ ਵਾਲਾ। ਨ ਨਿਖੁਟੈ = ਮੁੱਕਦਾ ਨਹੀਂ। ਨ ਜਾਇ = ਨਾਹ ਨਾਸ ਹੁੰਦਾ ਹੈ।

ਪੂਰੈ ਸਤਿਗੁਰਿ ਦੀਆ ਦਿਖਾਇ ॥

The Perfect True Guru has revealed it to me.

(ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। ਸਤਿਗੁਰਿ = ਗੁਰੂ ਨੇ।

ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥

I am forever a sacrifice to my True Guru.

(ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਕਉ = ਨੂੰ, ਤੋਂ। ਸਦ = ਸਦਾ। ਬਲਿ ਜਾਈ = ਬਲਿ ਜਾਈਂ, ਸਦਕੇ ਜਾਂਦਾ ਹਾਂ।

ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥

By Guru's Grace, I have enshrined the Lord within my mind. ||1||

ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥ ਤੇ = ਨਾਲ, ਤੋਂ। ਮੰਨਿ = ਮਨਿ, ਮਨ ਵਿਚ। ਵਸਾਈ = ਵਸਾਈਂ, ਮੈਂ ਵਸਾਂਦਾ ਹਾਂ ॥੧॥

ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥

They alone are wealthy, who lovingly attune themselves to the Lord's Name.

(ਹੇ ਭਾਈ! ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ, ਸੇ = ਉਹ {ਬਹੁ-ਵਚਨ}। ਨਾਮਿ = ਨਾਮ ਵਿਚ। ਲਿਵ = ਲਗਨ। ਲਾਇ = ਲਾ ਕੇ।

ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥

The Perfect Guru has revealed to me the Lord's treasure; by the Lord's Grace, it has come to abide in my mind. ||Pause||

ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ਰਹਾਉ॥ ਗੁਰਿ = ਗੁਰੂ ਨੇ। ਪਰਗਾਸਿਆ = ਵਿਖਾ ਦਿੱਤਾ। ਕਿਰਪਾ ਤੇ = ਕਿਰਪਾ ਨਾਲ। ਮਨਿ = ਮਨ ਵਿਚ ॥ਰਹਾਉ॥

ਅਵਗੁਣ ਕਾਟਿ ਗੁਣ ਰਿਦੈ ਸਮਾਇ ॥

He is rid of his demerits, and his heart is permeated with merit and virtue.

(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। ਕਾਟਿ = ਕੱਟ ਕੇ, ਦੂਰ ਕਰ ਕੇ। ਰਿਦੈ = ਹਿਰਦੇ ਵਿਚ। ਸਮਾਇ = ਟਿਕਾ ਦੇਂਦਾ ਹੈ।

ਪੂਰੇ ਗੁਰ ਕੈ ਸਹਜਿ ਸੁਭਾਇ ॥

By Guru's Grace, he naturally dwells in celestial peace.

(ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ। ਗੁਰ ਕੈ = ਗੁਰੂ ਦੀ ਰਾਹੀਂ। ਸਹਜਿ = ਆਤਮਕ ਅਡੋਲਤਾ ਵਿਚ। ਸੁਭਾਇ = ਪ੍ਰੇਮ ਵਿਚ।

ਪੂਰੇ ਗੁਰ ਕੀ ਸਾਚੀ ਬਾਣੀ ॥

True is the Word of the Perfect Guru's Bani.

(ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ- ਸਾਚੀ = ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ।

ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥

They bring peace to the mind, and celestial peace is absorbed within. ||2||

(ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ ॥੨॥ ਸੁਖ = ਆਤਮਕ ਆਨੰਦ {ਬਹੁ-ਵਚਨ}। ਮਨ ਅੰਤਰਿ = ਮਨ ਵਿਚ ॥੨॥

ਏਕੁ ਅਚਰਜੁ ਜਨ ਦੇਖਹੁ ਭਾਈ ॥

O my humble Siblings of Destiny, behold this strange and wonderful thing:

ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। ਅਚਰਜੁ = ਹੈਰਾਨ ਕਰਨ ਵਾਲਾ ਤਮਾਸ਼ਾ। ਜਨ = ਹੇ ਜਨੋ! ਭਾਈ = ਹੇ ਭਾਈ!

ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥

duality is overcome, and the Lord dwells within his mind.

(ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਦੁਬਿਧਾ = ਮਨ ਦੀ ਡਾਂਵਾਂ-ਡੋਲ ਹਾਲਤ, ਮੇਰ-ਤੇਰ। ਮੰਨਿ = ਮਨਿ, ਮਨ ਵਿਚ।

ਨਾਮੁ ਅਮੋਲਕੁ ਨ ਪਾਇਆ ਜਾਇ ॥

The Naam, the Name of the Lord, is priceless; it cannot be taken.

ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। ਅਮੋਲਕੁ = ਜੇ ਕਿਸੇ ਭੀ ਕੀਮਤ ਤੋਂ ਨਹੀਂ ਮਿਲ ਸਕਦਾ।

ਗੁਰ ਪਰਸਾਦਿ ਵਸੈ ਮਨਿ ਆਇ ॥੩॥

By Guru's Grace, it comes to abide in the mind. ||3||

(ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ॥੩॥ ਪਰਸਾਦਿ = ਕਿਰਪਾ ਨਾਲ। ਆਇ = ਆ ਕੇ ॥੩॥

ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥

He is the One God, abiding within all.

(ਹੇ ਭਾਈ! ਭਾਵੇਂ) ਉਹ ਇੱਕ ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, ਸਭ ਮਹਿ = ਸਭ ਜੀਵਾਂ ਵਿਚ। ਸੋਇ = ਉਹੀ।

ਗੁਰਮਤੀ ਘਟਿ ਪਰਗਟੁ ਹੋਇ ॥

Through the Guru's Teachings, He is revealed in the heart.

(ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਗੁਰਮਤਿ = ਗੁਰੂ ਦੀ ਮਤਿ ਉਤੇ ਤੁਰਿਆਂ। ਘਟਿ = ਹਿਰਦੇ ਵਿਚ।

ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥

One who intuitively knows and realizes God,

ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਸਹਜੇ = ਸਹਜਿ, ਆਤਮਕ ਅਡੋਲਤਾ ਵਿਚ। ਜਿਨਿ = ਜਿਸ (ਮਨੁੱਖ) ਨੇ। ਜਾਣਿ = ਸਾਂਝ ਪਾ ਕੇ।

ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥

O Nanak, obtains the Naam; his mind is pleased and appeased. ||4||1||

ਹੇ ਨਾਨਕ! ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ॥੪॥੧॥ ਮਾਨਿਆ = ਪਤੀਜ ਜਾਂਦਾ ਹੈ ॥੪॥੧॥