ਵਡਹੰਸੁ ਮਹਲਾ ੩ ॥
Wadahans, Third Mehl:
ਵਡਹੰਸ ਤੀਜੀ ਪਾਤਿਸ਼ਾਹੀ।
ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥
The Gurmukh practices true self-discipline, and attains the essence of wisdom.
ਗੁਰੂ ਦੀ ਸਰਨ ਪੈ ਕੇ (ਪ੍ਰਭੂ ਦਾ ਨਾਮ-ਸਿਮਰਨਾ) ਹੀ ਇੰਦ੍ਰਿਆਂ ਨੂੰ ਵੱਸ ਕਰਨ ਦਾ ਸਹੀ ਜਤਨ ਹੈ ਤੇ ਆਤਮਕ ਜੀਵਨ ਦੀ ਸੂਝ ਦਾ ਮੂਲ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਚੁ = ਸਦਾ-ਥਿਰ ਪ੍ਰਭੂ (ਦਾ ਨਾਮ ਸਿਮਰਨਾ)। ਸੰਜਮੁ = ਇੰਦ੍ਰਿਆਂ ਨੂੰ ਵੱਸ ਕਰਨ ਦਾ ਜਤਨ। ਤਤੁ = ਅਸਲ।
ਗੁਰਮੁਖਿ ਸਾਚੇ ਲਗੈ ਧਿਆਨੁ ॥੧॥
The Gurmukh meditates on the True Lord. ||1||
ਗੁਰੂ ਦੀ ਸਰਨ ਪਿਆਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸੁਰਤ ਜੁੜੀ ਰਹਿੰਦੀ ਹੈ ॥੧॥ ਸਾਚੇ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ॥੧॥
ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥
As Gurmukh, O my mind, remember the Naam, the Name of the Lord.
ਹੇ ਮਨ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਯਾਦ ਕਰਦਾ ਰਹੁ। ਮਨ = ਹੇ ਮਨ! ਸਮਾਲਿ = ਸਾਂਭ, ਯਾਦ ਕਰਦਾ ਰਹੁ।
ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥
It shall stand by you always, and go with you. ||Pause||
ਇਹ ਨਾਮ ਹੀ ਤੇਰੇ ਨਾਲ ਜਾਣ ਵਾਲਾ ਹੈ ਤੇ ਸਾਥ ਨਿਬਾਹੁਣ ਵਾਲਾ ਹੈ। ਰਹਾਉ॥
ਗੁਰਮੁਖਿ ਜਾਤਿ ਪਤਿ ਸਚੁ ਸੋਇ ॥
The True Lord is the social status and honor of the Gurmukh.
ਗੁਰੂ ਦੀ ਸਰਨ ਪੈ ਕੇ ਉਸ ਸਦਾ-ਥਿਰ ਹਰੀ ਦਾ ਨਾਮ-ਸਿਮਰਨਾ ਉੱਚੀ ਜਾਤਿ ਤੇ ਉੱਚੀ ਕੁਲ (ਦਾ ਮੂਲ) ਹੈ। ਜਾਤਿ ਪਤਿ = ਜਾਤ ਪਾਤ, (ਭਾਵ) ਉੱਚੀ ਕੁਲ।
ਗੁਰਮੁਖਿ ਅੰਤਰਿ ਸਖਾਈ ਪ੍ਰਭੁ ਹੋਇ ॥੨॥
Within the Gurmukh, is God, his friend and helper. ||2||
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਪਰਮਾਤਮਾ ਆ ਵੱਸਦਾ ਹੈ ਤੇ ਉਸ ਦਾ (ਸਦਾ ਦਾ) ਸਾਥੀ ਬਣ ਜਾਂਦਾ ਹੈ ॥੨॥ ਸਖਾਈ = ਮਿੱਤਰ, ਸਾਥੀ ॥੨॥
ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥
He alone becomes Gurmukh, whom the Lord so blesses.
ਪਰ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ (ਇਸ ਜੋਗ) ਬਣਾਂਦਾ ਹੈ। ਜਿਸ ਨੋ = ਜਿਸ ਨੂੰ {ਲਫ਼ਜ਼ 'ਜਿਸ' ਦਾ (ੁ) ਸੰਬੰਧਕ 'ਨੋ' ਦੇ ਕਾਰਨ ਉਡ ਗਿਆ ਹੈ}।
ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥
He Himself blesses the Gurmukh with greatness. ||3||
ਉਹ ਪਰਮਾਤਮਾ ਆਪ ਮਨੁੱਖ ਨੂੰ ਗੁਰੂ ਦੇ ਸਨਮੁਖ ਕਰ ਕੇ ਇੱਜ਼ਤ ਬਖ਼ਸ਼ਦਾ ਹੈ ॥੩॥ ਵਡਾਈ = ਇੱਜ਼ਤ ॥੩॥
ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥
The Gurmukh lives the True Word of the Shabad, and practices good deeds.
ਗੁਰੂ ਦੀ ਸਰਨ ਪੈ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ (ਹਿਰਦੇ ਵਿਚ) ਸੰਭਾਲ, ਇਹੀ ਕਰਨ-ਜੋਗ ਕੰਮ ਹੈ। ਕਰਣੀ = ਕਰਤੱਬ, ਜੀਵਨ-ਮਨੋਰਥ।
ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬॥
The Gurmukh, O Nanak, emancipates his family and relations. ||4||6||
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਪਰਵਾਰ ਵਾਸਤੇ ਭੀ ਆਸਰਾ ਦੇਣ ਜੋਗਾ ਹੋ ਜਾਂਦਾ ਹੈ ॥੪॥੬॥ ਪਰਵਾਰੈ = ਪਰਵਾਰ ਵਾਸਤੇ। ਸਾਧਾਰੁ = ਸੁ-ਆਧਾਰੁ, ਆਧਾਰ ਸਹਿਤ, ਆਸਰਾ ਦੇਣ-ਯੋਗ ॥੪॥੬॥