ਛੰਤ ॥
Chhant:
ਛੰਦ। ਛੰਤ।
ਭਿੰਨੀ ਰੈਨੜੀਐ ਚਾਮਕਨਿ ਤਾਰੇ ॥
The night is wet with dew, and the stars twinkle in the heavens.
ਤ੍ਰੇਲ ਭਿੱਜੀ ਰਾਤ ਵਿਚ (ਆਕਾਸ਼ ਵਿਚ) ਤਾਰੇ ਡਲ੍ਹਕਦੇ ਹਨ (ਤਿਵੇਂ, ਪਰਮਾਤਮਾ ਦੇ ਪ੍ਰੇਮ ਵਿਚ ਭਿੱਜੇ ਹੋਏ ਹਿਰਦੇ ਵਾਲੇ ਮਨੁੱਖਾਂ ਦੇ ਚਿੱਤ-ਆਕਾਸ਼ ਵਿਚ ਸੋਹਣੇ ਆਤਮਕ ਗੁਣ ਲਿਸ਼ਕਾਂ ਮਾਰਦੇ ਹਨ)। ਭਿੰਨੀ = ਤ੍ਰੇਲ-ਭਿੱਜੀ। ਰੈਨੜੀਐ = ਸੋਹਣੀ ਰਾਤ ਵਿਚ। ਚਾਮਕਨਿ = ਚਮਕਦੇ ਹਨ।
ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥
The Saints remain wakeful; they are the Beloveds of my Lord.
ਮੇਰੇ ਰਾਮ ਦੇ ਪਿਆਰੇ ਸੰਤ ਜਨ (ਸਿਮਰਨ ਦੀ ਬਰਕਤਿ ਨਾਲ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਜਾਗਹਿ = ਜਾਗਦੇ ਹਨ, ਸੁਚੇਤ ਰਹਿੰਦੇ ਹਨ।
ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥
The Beloveds of the Lord remain ever wakeful, remembering the Naam, the Name of the Lord, day and night.
ਪਰਮਾਤਮਾ ਦੇ ਪਿਆਰੇ ਸੰਤ ਜਨ ਸਦਾ ਹੀ ਸੁਚੇਤ ਰਹਿੰਦੇ ਹਨ, ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰਦੇ ਹਨ। ਅਨਦਿਨੋ = ਅਨਦਿਨੁ, ਹਰ ਰੋਜ਼।
ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥
In their hearts, they meditate on the lotus feet of God; they do not forget Him, even for an instant.
ਸੰਤ ਜਨ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦਾ ਧਿਆਨ ਧਰਦੇ ਹਨ (ਤੇ, ਉਸ ਦੇ ਦਰ ਤੇ ਅਰਦਾਸ ਕਰਦੇ ਹਨ-) ਹੇ ਪ੍ਰਭੂ ਰਤਾ ਜਿਤਨੇ ਸਮੇ ਲਈ ਭੀ ਸਾਡੇ ਦਿਲ ਤੋਂ ਦੂਰ ਨਾਹ ਹੋ। ਪ੍ਰਭ = ਹੇ ਪ੍ਰਭੂ! ਖਿਨੋ = ਖਿਨੁ, ਰਤਾ ਭਰ ਭੀ।
ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥
They renounce their pride, emotional attachment and mental corruption, and burn away the pain of wickedness.
ਸੰਤ ਜਨ ਆਪਣੇ ਮਨ ਦਾ ਮਾਣ ਛੱਡ ਕੇ, ਮੋਹ ਤੇ ਵਿਕਾਰ ਦੂਰ ਕਰਕੇ ਆਪਣੇ ਸਾਰੇ ਦੁੱਖ ਪਾਪ ਸਾੜ ਲੈਂਦੇ ਹਨ। ਤਜਿ = ਤਿਆਗ ਕੇ। ਕਲਮਲਾ = ਪਾਪ। ਜਾਰੇ = ਸਾੜ ਲਏ।
ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥
Prays Nanak, the Saints, the beloved servants of the Lord, remain ever wakeful. ||1||
ਨਾਨਕ ਬੇਨਤੀ ਕਰਦਾ ਹੈ: ਪਰਮਾਤਮਾ ਦੇ ਪਿਆਰੇ ਸੰਤ ਪਰਮਾਤਮਾ ਦੇ ਦਾਸ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ॥੧॥
ਮੇਰੀ ਸੇਜੜੀਐ ਆਡੰਬਰੁ ਬਣਿਆ ॥
My bed is adorned in splendor.
ਹੇ ਸਖੀ! ਮੇਰੇ ਹਿਰਦੇ ਦੀ ਸੋਹਣੀ ਸੇਜ ਉੱਤੇ ਸਜਾਵਟ ਬਣ ਗਈ, ਸੇਜੜੀਐ = (ਹਿਰਦੇ ਦੀ) ਸੋਹਣੀ ਸੇਜ ਉੱਤੇ। ਆਡੰਬਰੁ = ਸਜਾਵਟ।
ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥
My mind is filled with bliss, since I heard that God is coming.
ਜਦੋਂ ਮੈਂ ਪ੍ਰਭੂ ਨੂੰ (ਆਪਣੇ ਵਲ) ਆਉਂਦਾ ਸੁਣਿਆ, ਤਾਂ ਮੇਰੇ ਮਨ ਵਿਚ ਆਨੰਦ ਪੈਦਾ ਹੋ ਗਿਆ। ਮਨਿ = ਮਨ ਵਿਚ। ਆਵਤ = ਆਉਂਦਾ।
ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥
Meeting God, the Lord and Master, I have entered the realm of peace; I am filled with joy and delight.
ਹੇ ਸਖੀ! ਜਿਨ੍ਹਾਂ ਵਡ-ਭਾਗੀਆਂ ਨੂੰ ਸੁਖ ਦੇਣ ਵਾਲੇ ਮਾਲਕ-ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਚਾਵਾਂ ਨਾਲ ਖ਼ੁਸ਼ੀਆਂ ਨਾਲ ਆਨੰਦ ਨਾਲ ਭਰ ਜਾਂਦੇ ਹਨ। ਸੁਖਹਗਾਮੀ = ਸੁਖ ਅਪੜਾਣ ਵਾਲੇ। ਚਾਵ = {ਲਫ਼ਜ਼ 'ਚਾਉ' ਤੋਂ ਬਹੁ-ਵਚਨ}। ਮੰਗਲ = ਖ਼ੁਸ਼ੀਆਂ।
ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥
He is joined to me, in my very fiber; my sorrows have departed, and my body, mind and soul are all rejuvenated.
ਉਹ ਪ੍ਰਭੂ ਦੇ ਅੰਗ (ਚਰਨਾਂ) ਨਾਲ ਜੁੜੇ ਰਹਿੰਦੇ ਹਨ, ਉਹਨਾਂ ਦੇ ਦੁੱਖ ਦੂਰ ਜੋ ਜਾਂਦੇ ਹਨ, ਉਹਨਾਂ ਦੀ ਜਿੰਦ ਉਹਨਾਂ ਦਾ ਮਨ ਉਹਨਾਂ ਦਾ ਸਰੀਰ-ਸਾਰੇ ਹੀ (ਆਤਮਕ ਜੀਵਨ ਨਾਲ) ਹਰੇ ਹੋ ਜਾਂਦੇ ਹਨ। ਸੰਗਿ = ਨਾਲ। ਸਭਿ = ਸਾਰੇ। ਹਰੇ = ਹਰਿਆਵਲ-ਭਰੇ, ਤਰਾਵਤ ਵਾਲੇ, ਆਤਮਕ ਜੀਵਨ ਵਾਲੇ।
ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥
I have obtained the fruits of my mind's desires, meditating on God; the day of my wedding is auspicious.
(ਗੁਰੂ ਦੀ ਸਰਨ ਪੈ ਕੇ) ਜੇਹੜੇ ਮਨੁੱਖ ਪ੍ਰਭੂ ਦਾ ਧਿਆਨ ਧਰਦੇ ਹਨ, ਉਹਨਾਂ ਦੇ ਮਨ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਗੁਰੂ ਪਰਮਾਤਮਾ ਨਾਲ ਉਹਨਾਂ ਦਾ ਮਿਲਾਪ ਕਰਾਣ ਲਈ) ਭਲਾ ਸੰਜੋਗ ਬਣਾ ਦੇਂਦਾ ਹੈ, ਚੰਗਾ ਮੁਹੂਰਤ ਕੱਢ ਦੇਂਦਾ ਹੈ। ਸੰਜੋਗੁ = ਮਿਲਾਪ। ਸਾਹਾ = ਵਿਆਹ ਦਾ ਮੁਹੂਰਤ। ਸੁਭ = ਭਲਾ। ਗਣਿਆ = ਗਿਣਿਆ।
ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥
Prays Nanak, when I meet the Lord of excellence, I came to experience all pleasure and bliss. ||2||
ਨਾਨਕ ਬੇਨਤੀ ਕਰਦਾ ਹੈ-ਜਿਨ੍ਹਾਂ ਵਡ-ਭਾਗੀਆਂ ਨੂੰ ਪ੍ਰਭੂ ਜੀ ਮਿਲ ਪੈਂਦੇ ਹਨ, ਉਹਨਾਂ ਦੇ ਹਿਰਦੇ ਵਿਚ ਸਾਰੇ ਆਨੰਦ ਬਣ ਜਾਂਦੇ ਹਨ, ਹੁਲਾਰਾ ਬਣਿਆ ਰਹਿੰਦਾ ਹੈ ॥੨॥ ਸ੍ਰੀਧਰ = {ਸ੍ਰੀ = ਲੱਛਮੀ, ਲੱਛਮੀ ਦਾ ਸਹਾਰਾ} ਪਰਮਾਤਮਾ ॥੨॥
ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥
I meet with my companions and say, "Show me the insignia of my Husband Lord."
ਸਹੇਲੀਆਂ ਮਿਲ ਕੇ (ਮੈਨੂੰ) ਪੁੱਛਦੀਆਂ ਹਨ ਕਿ ਖਸਮ-ਪ੍ਰਭੂ ਦੀ ਕੋਈ ਨਿਸ਼ਾਨੀ ਦੱਸ। ਮਿਲਿ = ਮਿਲ ਕੇ। ਸਖੀਆ = ਸਹੇਲੀਆਂ, ਸਤਸੰਗੀ।
ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥
I am filled with the sublime essence of His Love, and I do not know how to say anything.
ਮੈਂ ਉਸ ਦੇ ਮਿਲਾਪ ਦੇ ਆਨੰਦ ਵਿਚ ਮਗਨ ਤਾਂ ਹਾਂ, ਉਸ ਦੇ ਪ੍ਰੇਮ ਨਾਲ ਮੇਰਾ ਹਿਰਦਾ ਭਰਿਆ ਹੋਇਆ ਭੀ ਹੈ, ਪਰ ਮੈਂ ਉਸ ਦੀ ਕੋਈ ਨਿਸ਼ਾਨੀ ਦੱਸਣਾ ਨਹੀਂ ਜਾਣਦੀ। ਰਸਿ = ਆਨੰਦ ਵਿਚ (ਮਗਨ)। ਬੋਲਿ ਨ ਜਾਣੀ = ਮੈਂ ਦੱਸਣਾ ਨਹੀਂ ਜਾਣਦੀ।
ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥
The Glorious Virtues of the Creator are profound, mysterious and infinite; even the Vedas cannot find His limits.
(ਮੇਰੇ ਉਸ) ਕਰਤਾਰ ਦੇ ਗੁਣ ਡੂੰਘੇ ਹਨ ਗੁੱਝੇ ਹਨ ਬੇਅੰਤ ਹਨ, ਵੇਦ ਭੀ ਉਸ ਦੇ ਗੁਣਾਂ ਦਾ ਅੰਤ ਨਹੀਂ ਪਾ ਸਕਦੇ। ਗੂੜ = ਡੂੰਘੇ। ਗੁਪਤ = ਗੁੱਝੇ। ਕਰਤੇ = ਕਰਤਾਰ ਦੇ। ਨਿਗਮ = ਵੇਦ। ਪਾਵਹੇ = ਪਾਵਹਿ, ਪਾਂਦੇ, ਪਾ ਸਕਦੇ।
ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥
With loving devotion, I meditate on the Lord Master, and sing the Glorious Praises of the Lord forever.
(ਉਸ ਦੇ ਸੇਵਕ) ਉਸ ਦੀ ਭਗਤੀ ਦੇ ਰੰਗ ਵਿਚ ਉਸਦੇ ਪ੍ਰੇਮ ਵਿਚ ਜੁੜ ਕੇ ਉਸ ਦਾ ਧਿਆਨ ਧਰ ਕੇ ਸਦਾ ਉਸ ਮਾਲਕ ਦੇ ਗੁਣ ਗਾਂਦੇ ਰਹਿੰਦੇ ਹਨ। ਭਾਇ = ਪ੍ਰੇਮ ਵਿਚ। ਧਿਆਇ = ਧਿਆਨ ਧਰ ਕੇ। ਗਾਵਹੇ = ਗਾਵਹਿ, ਗਾਂਦੇ ਹਨ।
ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥
Filled with all virtues and spiritual wisdom, I have become pleasing to my God.
ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ ਜੋ ਸਾਰੇ ਗੁਣਾਂ ਦਾ ਮਾਲਕ ਹੈ ਜੋ ਸ੍ਰੇਸ਼ਟ ਗਿਆਨ ਵਾਲਾ ਹੈ ਜੋ ਸਭ ਵਿਚ ਵਿਆਪਕ ਹੈ, ਸੁਗਿਆਨ = ਸ੍ਰੇਸ਼ਟ ਗਿਆਨ ਦਾ ਮਾਲਕ। ਪੂਰਨ = ਸਰਬ-ਵਿਆਪਕ। ਪ੍ਰਭ ਭਾਣੀ = ਪ੍ਰਭੂ ਨੂੰ ਪਿਆਰੀ ਲੱਗੀ।
ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥
Prays Nanak, imbued with the color of the Lord's Love, I am imperceptibly absorbed into Him. ||3||
ਨਾਨਕ ਬੇਨਤੀ ਕਰਦਾ ਹੈ-ਜੇਹੜੀ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਪ੍ਰੇਮ ਦੇ ਰੰਗ ਵਿਚ ਰੰਗੀ ਜਾਂਦੀ ਹੈ ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ ॥੩॥ ਰੰਗਿ = ਰੰਗ ਵਿਚ। ਸਹਜਿ = ਆਤਮਕ ਅਡੋਲਤਾ ਵਿਚ ॥੩॥
ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥
When I began to sing the songs of rejoicing to the Lord,
ਪਰਮਾਤਮਾ ਦੇ ਭਗਤ (ਹਰਿ-ਜਨ) ਜਦੋਂ ਪਰਮਾਤਮਾ ਦੇ ਸੁਖਦਾਈ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਗਾਣ ਲੱਗ ਪੈਂਦੇ ਹਨ, ਸੋਹਿਲੜੇ = ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ।
ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥
My friends became glad, and my troubles and enemies departed.
ਤਾਂ (ਉਹਨਾਂ ਦੇ ਅੰਦਰ ਸ਼ੁਭ ਗੁਣ) ਮਿੱਤਰ ਵਧਦੇ ਫੁੱਲਦੇ ਹਨ, ਉਹਨਾਂ ਦੇ ਦੁੱਖ (ਤੇ ਕਾਮਾਦਿਕ) ਵੈਰੀ ਨੱਸ ਜਾਂਦੇ ਹਨ। ਸਾਜਨ = ਮਿੱਤਰ (ਸ਼ੁਭ ਗੁਣ)। ਸਰਸਿਅੜੇ = ਪ੍ਰਫੁਲਤ ਹੋਏ, ਵਧਣ ਫੁੱਲਣ ਲੱਗੇ। ਦੁਸਮਨ = (ਕਾਮਾਦਿਕ) ਵੈਰੀ।
ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥
My peace and happiness increased; I rejoiced in the Naam, the Name of the Lord, and God Himself blessed me with His mercy.
ਆਤਮਕ ਅਡੋਲਤਾ ਦੇ ਸੁਖ ਉਹਨਾਂ ਦੇ ਅੰਤਰ ਮੌਲਦੇ ਹਨ, ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਹ ਪ੍ਰਸੰਨ-ਚਿੱਤ ਰਹਿੰਦੇ ਹਨ, ਪਰ ਇਹ ਸਾਰੀ ਮੇਹਰ ਪ੍ਰਭੂ ਨੇ ਆਪ ਹੀ ਕੀਤੀ ਹੁੰਦੀ ਹੈ। ਸੁਖ ਸਹਜ = ਆਤਮਕ ਅਡੋਲਤਾ ਦੇ ਸੁਖ। ਸਰਸੇ = ਮੌਲ ਪਏ। ਨਾਮਿ = ਨਾਮ ਵਿਚ। ਰਹਸੇ = ਪ੍ਰਸੰਨ ਹੋਏ। ਪ੍ਰਭਿ = ਪ੍ਰਭੂ ਨੇ।
ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥
I have grasped the Lord's feet, and remaining ever wakeful, I have met the Lord, the Creator.
(ਆਪਣੇ ਸੇਵਕਾਂ ਤੇ ਪ੍ਰਭੂ ਮੇਹਰ ਕਰਦਾ ਹੈ) ਉਹ ਸੇਵਕ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿੰਦੇ ਹਨ (ਵਿਕਾਰਾਂ ਦੇ ਹੱਲਿਆਂ ਵਲੋਂ) ਸਦਾ ਸੁਚੇਤ ਰਹਿੰਦੇ ਹਨ, ਤੇ ਜਗਤ ਦੇ ਮਾਲਕ ਪ੍ਰਭੂ ਨੂੰ ਮਿਲ ਪੈਂਦੇ ਹਨ। ਜਾਗੇ = ਸੁਚੇਤ ਰਹੇ। ਬਨਵਾਰੀ = ਜਗਤ ਦਾ ਮਾਲਕ।
ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥
The appointed day came, and I attained peace and poise; all treasures are in the feet of God.
ਸੰਤ ਜਨਾਂ ਵਾਸਤੇ (ਜੀਵਨ ਦੇ ਇਹ) ਭਲੇ ਦਿਨ ਆਏ ਹੁੰਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਾਰੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਚਰਨ ਪਰਸਦੇ ਰਹਿੰਦੇ ਹਨ। ਸਹਜਿ = ਆਤਮਕ ਅਡੋਲਤਾ ਵਿਚ। ਨਿਧਿ = ਖ਼ਜ਼ਾਨਾ। ਪਾਗੇ = ਪਗ, ਚਰਨ।
ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥
Prays Nanak, the Lord's humble servants always seek the Sanctuary of the Lord and Master. ||4||1||10||
ਨਾਨਕ ਬੇਨਤੀ ਕਰਦਾ ਹੈ-ਪਰਮਾਤਮਾ ਦੇ ਸੇਵਕ ਮਾਲਕ-ਪ੍ਰਭੂ ਦੀ ਸਰਨ ਆ ਕੇ ਸਦਾ ਲਈ ਉਸ ਨਾਲ ਪ੍ਰੀਤਿ ਨਿਬਾਹੁੰਦੇ ਹਨ ॥੪॥੧॥੧੦॥ ਤਾਗੇ = ਤੱਗੇ, ਤੋੜ ਨਿਭੇ, ਪ੍ਰੀਤ ਤੋੜ ਨਿਬਾਹੀ ॥੪॥੧॥੧੦॥