ਸਿਰੀਰਾਗੁ ਮਹਲਾ

Siree Raag, Third Mehl:

ਸਿਰੀ ਰਾਗ, ਤੀਜੀ ਪਾਤਸ਼ਾਹੀ।

ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ

Consider the time and the moment-when should we worship the Lord?

ਜੇ (ਭਗਤੀ ਕਰਨ ਵਾਸਤੇ) ਕੋਈ ਖ਼ਾਸ ਵੇਲਾ ਕੋਈ ਖ਼ਾਸ ਵਕਤ ਨਿਯਤ ਕਰਨਾ ਵਿਚਾਰਦੇ ਰਹੀਏ, ਤਾਂ ਕਿਸੇ ਵੇਲੇ ਭੀ ਭਗਤੀ ਨਹੀਂ ਹੋ ਸਕਦੀ। ਕਿਤੁ = ਕਿਸ ਵਿਚ? {ਲਫ਼ਜ਼ 'ਕਿਤੁ' ਲਫ਼ਜ਼ 'ਕਿਸ' ਤੋਂ ਅਧਿਕਰਣ ਕਾਰਕ ਇਕ-ਵਚਨ ਹੈ}। ਕਿਤੁ ਵੇਲਾ = ਕਿਸ ਵੇਲੇ?

ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ

Night and day, one who is attuned to the Name of the True Lord is true.

ਹਰ ਵੇਲੇ ਹੀ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਿਹਾਂ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਈਦਾ ਹੈ ਤੇ ਸਦਾ-ਥਿਰ ਰਹਿਣ ਵਾਲੀ ਸੋਭਾ ਮਿਲਦੀ ਹੈ। ਅਨਦਿਨੁ = ਹਰ ਰੋਜ਼, ਹਰ ਵੇਲੇ? ਨਾਮੇ = ਨਾਮਿ ਹੀ, ਨਾਮ ਵਿਚ ਹੀ। ਸੋਇ = ਸੋਭਾ।

ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ

If someone forgets the Beloved Lord, even for an instant, what sort of devotion is that?

ਉਹ ਕਾਹਦੀ ਭਗਤੀ ਹੋਈ, ਜੇ ਇਕ ਖਿਨ ਭਰ ਭੀ ਪਿਆਰਾ ਪਰਮਾਤਮਾ ਵਿੱਸਰ ਜਾਏ? ਸਚੀ = ਸਦਾ-ਥਿਰ ਰਹਿਣ ਵਾਲੀ। ਕਿਨੇਹੀ = ਕਿਹੋ ਜਿਹੀ?

ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਬਿਰਥਾ ਕੋਇ ॥੧॥

One whose mind and body are cooled and soothed by the True Lord-no breath of his is wasted. ||1||

ਜੇ ਇਕ ਸਾਹ ਭੀ ਪਰਮਾਤਮਾ ਦੀ ਯਾਦ ਤੋਂ ਖ਼ਾਲੀ ਨਾਹ ਜਾਏ, ਤਾਂ ਸਦਾ-ਥਿਰ ਪ੍ਰਭੂ ਦੇ ਨਾਲ ਜੁੜਿਆਂ ਮਨ ਸ਼ਾਂਤ ਹੋ ਜਾਂਦਾ ਹੈ, ਸਰੀਰ (ਭੀ) ਸ਼ਾਂਤ ਹੋ ਜਾਂਦਾ ਹੈ ॥੧॥ ਸਾਚੁ ਸਿਉ = ਸਦਾ-ਥਿਰ ਪ੍ਰਭੂ ਦੇ ਨਾਲ। ਸਾਸੁ = ਸੁਆਸ॥੧॥

ਮੇਰੇ ਮਨ ਹਰਿ ਕਾ ਨਾਮੁ ਧਿਆਇ

O my mind, meditate on the Name of the Lord.

ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰ।

ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ

True devotional worship is performed when the Lord comes to dwell in the mind. ||1||Pause||

ਸਦਾ-ਥਿਰ ਰਹਿਣ ਵਾਲੀ ਪ੍ਰਭੂ-ਭਗਤੀ ਤਦੋਂ ਹੀ ਹੋ ਸਕਦੀ ਹੈ, ਜਦੋਂ (ਸਿਮਰਨ ਦੀ ਬਰਕਤਿ ਨਾਲ) ਪਰਮਾਤਮਾ ਮਨੁੱਖ ਦੇ ਮਨ ਵਿਚ ਆ ਵੱਸੇ ॥੧॥ ਰਹਾਉ ॥ ਤਾ = ਤਦੋਂ। ਥੀਐ = ਹੋ ਸਕਦੀ ਹੈ। ਜਾ = ਜਦੋਂ। ਮਨਿ = ਮਨ ਵਿਚ॥੧॥ਰਹਾਉ॥

ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ

With intuitive ease, cultivate your farm, and plant the Seed of the True Name.

ਜੇ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦਾ ਸਦਾ-ਥਿਰ ਨਾਮ-ਬੀ ਬੀਜ ਕੇ (ਆਤਮਕ ਜੀਵਨ ਦੀ) ਫ਼ਸਲ ਬੀਜੀਏ; ਸਹਜੇ = ਆਤਮਕ ਅਡੋਲਤਾ ਵਿਚ। ਰਾਹੀਐ = ਬੀਜਣੀ ਚਾਹੀਦੀ ਹੈ। ਸਚੁ = ਸਦਾ-ਥਿਰ ਰਹਿਣ ਵਾਲਾ। ਪਾਇ = ਪਾ ਕੇ, ਬੀਜ ਕੇ।

ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ

The seedlings have sprouted luxuriantly, and with intuitive ease, the mind is satisfied.

ਤਾਂ ਇਹ ਫ਼ਸਲ ਬਹੁਤ ਉੱਗਦੀ ਹੈ, ਇਹ ਫ਼ਸਲ ਬੀਜਣ ਵਾਲੇ ਮਨੁੱਖ ਦਾ ਮਨ ਆਤਮਕ ਅਡੋਲਤਾ ਤੇ ਪ੍ਰੇਮ ਵਿਚ ਜੁੜ ਕੇ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ। ਅਗਲੀ = ਬਹੁਤੀ। ਸੁਭਾਇ = ਪ੍ਰੇਮ ਵਿਚ (ਟਿਕ ਕੇ)।

ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ

The Word of the Guru's Shabad is Ambrosial Nectar; drinking it in, thirst is quenched.

ਸਤਿਗੁਰੂ ਦਾ ਸ਼ਬਦ (ਐਸਾ) ਅੰਮ੍ਰਿਤ ਹੈ (ਆਤਮਕ ਜੀਵਨ ਦੇਣ ਵਾਲਾ ਜਲ ਹੈ) ਜਿਸ ਦੇ ਪੀਤਿਆਂ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ। ਜਿਤੁ = ਜਿਸ ਦੀ ਰਾਹੀਂ (ਲਫ਼ਜ਼ 'ਜਿਸ' ਤੋਂ ਅਧਿਕਰਣ ਕਾਰਕ ਇਕ-ਵਚਨ)। ਜਿਤੁ ਪੀਤੈ = ਜਿਸ ਦੇ ਪੀਣ ਨਾਲ। ਤਿਖ = ਪਿਆਸ।

ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥੨॥

This true mind is attuned to Truth, and it remains permeated with the True One. ||2||

(ਨਾਮ-ਅੰਮ੍ਰਿਤ ਪੀਣ ਵਾਲੇ ਮਨੁੱਖ ਦਾ) ਇਹ ਮਨ ਅਡੋਲ ਹੋ ਜਾਂਦਾ ਹੈ ਸਦਾ-ਥਿਰ ਪ੍ਰਭੂ ਵਿਚ ਰੰਗਿਆ ਜਾਂਦਾ ਹੈ, ਤੇ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਹੀ ਲੀਨ ਰਹਿੰਦਾ ਹੈ ॥੨॥ ਸਚਿ = ਸਦਾ-ਥਿਰ ਪ੍ਰਭੂ ਵਿਚ॥੨॥

ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ

In speaking, in seeing and in words, remain immersed in the Shabad.

ਜਿਨ੍ਹਾਂ ਮਨੁੱਖਾਂ ਦਾ ਆਖਣਾ ਵੇਖਣਾ ਬੋਲਣਾ (ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਸ਼ਬਦ ਵਿਚ ਹੀ ਲੀਨ ਰਹਿੰਦਾ ਹੈ (ਭਾਵ, ਜੇਹੜੇ ਬੰਦੇ ਸਦਾ ਸਿਫ਼ਤ-ਸਾਲਾਹ ਵਿਚ ਹੀ ਮਗਨ ਰਹਿੰਦੇ ਹਨ) ਤੇ ਹਰ ਪਾਸੇ ਪਰਮਾਤਮਾ ਨੂੰ ਹੀ (ਵੇਖਦੇ ਹਨ), ਸਬਦੇ = ਸ਼ਬਦ ਵਿਚ ਹੀ, ਸਿਫ਼ਤ-ਸਾਲਾਹ ਦੀ ਬਾਣੀ ਵਿਚ ਹੀ।

ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ

The Word of the Guru's Bani vibrates throughout the four ages. As Truth, it teaches Truth.

ਸਦਾ-ਥਿਰ ਪ੍ਰਭੂ ਦਾ ਨਾਮ ਹੀ (ਹੋਰਨਾਂ ਨੂੰ) ਸੁਣਾ ਸੁਣਾ ਕੇ ਉਹਨਾਂ ਦੀ ਸੋਭਾ (ਸਾਰੇ ਸੰਸਾਰ ਵਿਚ) ਸਦਾ ਲਈ ਕਾਇਮ ਹੋ ਜਾਂਦੀ ਹੈ। ਵਜੀ = ਮਸ਼ਹੂਰ ਹੋ ਗਈ। ਚਹੁ ਜੁਗੀ = ਚਹੁਆਂ ਜੁਗਾਂ ਵਿਚ, ਸਦਾ ਲਈ। ਸਚੋ ਸਚੁ = ਸੱਚ ਹੀ ਸੱਚ, ਸਦਾ-ਥਿਰ ਪ੍ਰਭੂ ਦਾ ਨਾਮ ਹੀ।

ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ

Egotism and possessiveness are eliminated, and the True One absorbs them into Himself.

ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਉਹਨਾਂ ਨੂੰ ਆਪਣੀ ਯਾਦ ਵਿਚ ਜੋੜੀ ਰੱਖਦਾ ਹੈ, ਇਸ ਵਾਸਤੇ ਉਹਨਾਂ ਦੀ ਹਉਮੈ ਮੁੱਕ ਜਾਂਦੀ ਹੈ ਉਹਨਾਂ ਦੀ ਅਪਣੱਤ ਦੂਰ ਹੋ ਜਾਂਦੀ ਹੈ। ਰਹਿ ਗਇਆ = ਮੁੱਕ ਗਿਆ। ਸਚੈ = ਸਦਾ-ਥਿਰ ਪ੍ਰਭੂ ਨੇ।

ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥੩॥

Those who remain lovingly absorbed in the True One see the Mansion of His Presence close at hand. ||3||

ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਲਿਵ ਲਾਈ ਰੱਖਦੇ ਹਨ, ਉਹਨਾਂ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ ॥੩॥ ਮਹਲੁ = ਟਿਕਾਣਾ॥੩॥

ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਜਾਇ

By His Grace, we meditate on the Naam, the Name of the Lord. Without His Mercy, it cannot be obtained.

ਪਰਮਾਤਮਾ ਦੀ ਮਿਹਰ ਦੀ ਨਜ਼ਰ ਨਾਲ ਹੀ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ, ਪਰਮਾਤਮਾ ਦੀ ਮਿਹਰ ਤੋਂ ਬਿਨਾ ਉਹ ਮਿਲ ਨਹੀਂ ਸਕਦਾ। ਨਦਰੀ = (ਪਰਮਾਤਮਾ ਦੀ ਮਿਹਰ ਦੀ) ਨਿਗਾਹ ਨਾਲ। ਕਰਮ = ਬਖ਼ਸ਼ਸ਼। ਵਿਣੁ ਕਰਮਾ = ਪਰਮਾਤਮਾ ਦੀ ਮਿਹਰ ਤੋਂ ਬਿਨਾ।

ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ

Through perfect good destiny, one finds the Sat Sangat, the True Congregation, and one comes to meet the True Guru.

ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਸਾਧ ਸੰਗਤਿ ਮਿਲ ਜਾਂਦੀ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ, ਭੇਟੇ ਜਿਸੁ = ਜਿਸ ਨੂੰ ਮਿਲਦਾ ਹੈ। ਆਇ = ਆ ਕੇ।

ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ

Night and day, remain attuned to the Naam, and the pain of corruption shall be dispelled from within.

(ਇਸ ਦੀ ਬਰਕਤਿ ਨਾਲ) ਹਰ ਵੇਲੇ ਪ੍ਰਭੂ ਦੇ ਨਾਮ (-ਰੰਗ) ਵਿਚ ਰੰਗੇ ਰਹਿਣ ਕਰਕੇ ਉਸ ਮਨੁੱਖ ਦੇ ਅੰਦਰੋਂ ਮਾਇਆ (ਦੇ ਮੋਹ) ਦਾ ਦੁੱਖ ਦੂਰ ਹੋ ਜਾਂਦਾ ਹੈ। ਬਿਖਿਆ = ਮਾਇਆ। ਦੁਖੁ ਬਿਖਿਆ = ਮਾਇਆ ਦਾ ਮੋਹ-ਰੂਪ ਦੁੱਖ।

ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥੪॥੨੨॥੫੫॥

O Nanak, merging with the Shabad through the Name, one is immersed in the Name. ||4||22||55||

ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਨਾਲ) ਮਿਲਾਪ ਹੁੰਦਾ ਹੈ (ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ ਉਹ) ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ॥੪॥੨੨॥੫੫॥ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਨਾਮੇ ਨਾਮਿ = ਵਿਚ ਹੀ॥੪॥