ਮਾਰੂ ਮਹਲਾ

ਸਾਚੀ ਕਾਰ ਕਮਾਵਣੀ ਹੋਰਿ ਲਾਲਚ ਬਾਦਿ

ਇਹੁ ਮਨੁ ਸਾਚੈ ਮੋਹਿਆ ਜਿਹਵਾ ਸਚਿ ਸਾਦਿ

ਬਿਨੁ ਨਾਵੈ ਕੋ ਰਸੁ ਨਹੀ ਹੋਰਿ ਚਲਹਿ ਬਿਖੁ ਲਾਦਿ ॥੧॥

ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ

ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ ਪਿਆਰੇ ॥੧॥ ਰਹਾਉ

ਅਨਦਿਨੁ ਲਾਲੇ ਚਾਕਰੀ ਗੋਲੇ ਸਿਰਿ ਮੀਰਾ

ਗੁਰ ਬਚਨੀ ਮਨੁ ਵੇਚਿਆ ਸਬਦਿ ਮਨੁ ਧੀਰਾ

ਗੁਰ ਪੂਰੇ ਸਾਬਾਸਿ ਹੈ ਕਾਟੈ ਮਨ ਪੀਰਾ ॥੨॥

ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ

ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ

ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥੩॥

ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ

ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ

ਮਨੁ ਤਨੁ ਤੇਰਾ ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥੪॥

ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ

ਚਿਤਿ ਸਚੈ ਵਿਤੋ ਸਚਾ ਸਾਚਾ ਰਸੁ ਚਾਖਿਆ

ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥੫॥

ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ

ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ

ਗੁਰ ਪਰਸਾਦੀ ਮੁਕਤੁ ਹੋਇ ਸਾਚੇ ਨਿਜ ਤਾੜੀ ॥੬॥

ਅਨਹਤਿ ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ

ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ

ਬਾਦਿ ਕਾਰਾ ਸਭਿ ਛੋਡੀਆ ਸਾਚੀ ਤਰੁ ਤਾਰੀ ॥੭॥

ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਠਾਉ

ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ

ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥੮॥੪॥