ਮਾਰੂ ਮਹਲਾ

ਹਰਿ ਧਨੁ ਸੰਚਹੁ ਰੇ ਜਨ ਭਾਈ

ਸਤਿਗੁਰ ਸੇਵਿ ਰਹਹੁ ਸਰਣਾਈ

ਤਸਕਰੁ ਚੋਰੁ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥

ਤੂ ਏਕੰਕਾਰੁ ਨਿਰਾਲਮੁ ਰਾਜਾ

ਤੂ ਆਪਿ ਸਵਾਰਹਿ ਜਨ ਕੇ ਕਾਜਾ

ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥

ਦੇਹੀ ਨਗਰੀ ਊਤਮ ਥਾਨਾ

ਪੰਚ ਲੋਕ ਵਸਹਿ ਪਰਧਾਨਾ

ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥

ਦੇਹੀ ਨਗਰੀ ਨਉ ਦਰਵਾਜੇ

ਸਿਰਿ ਸਿਰਿ ਕਰਣੈਹਾਰੈ ਸਾਜੇ

ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥

ਪੁਰਖੁ ਅਲੇਖੁ ਸਚੇ ਦੀਵਾਨਾ

ਹੁਕਮਿ ਚਲਾਏ ਸਚੁ ਨੀਸਾਨਾ

ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥੫॥

ਸਰਬ ਨਿਰੰਜਨ ਪੁਰਖੁ ਸੁਜਾਨਾ

ਅਦਲੁ ਕਰੇ ਗੁਰ ਗਿਆਨ ਸਮਾਨਾ

ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥

ਸਚੈ ਥਾਨਿ ਵਸੈ ਨਿਰੰਕਾਰਾ

ਆਪਿ ਪਛਾਣੈ ਸਬਦੁ ਵੀਚਾਰਾ

ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥

ਨਾ ਮਨੁ ਚਲੈ ਪਉਣੁ ਉਡਾਵੈ

ਜੋਗੀ ਸਬਦੁ ਅਨਾਹਦੁ ਵਾਵੈ

ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥

ਭਉ ਬੈਰਾਗਾ ਸਹਜਿ ਸਮਾਤਾ

ਹਉਮੈ ਤਿਆਗੀ ਅਨਹਦਿ ਰਾਤਾ

ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥

ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ

ਰੋਗ ਕਟੇ ਕਾਟੀ ਜਮ ਫਾਸੀ

ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥

ਕਾਲੈ ਕਵਲੁ ਨਿਰੰਜਨੁ ਜਾਣੈ

ਬੂਝੈ ਕਰਮੁ ਸੁ ਸਬਦੁ ਪਛਾਣੈ

ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥

ਆਪੇ ਸਾਹੁ ਆਪੇ ਵਣਜਾਰਾ

ਆਪੇ ਪਰਖੇ ਪਰਖਣਹਾਰਾ

ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥

ਆਪਿ ਦਇਆਲਿ ਦਇਆ ਪ੍ਰਭਿ ਧਾਰੀ

ਘਟਿ ਘਟਿ ਰਵਿ ਰਹਿਆ ਬਨਵਾਰੀ

ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥

ਪ੍ਰਭੁ ਦਾਨਾ ਬੀਨਾ ਗਰਬੁ ਗਵਾਏ

ਦੂਜਾ ਮੇਟੈ ਏਕੁ ਦਿਖਾਏ

ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥

ਹਉਮੈ ਮੇਟਿ ਸਬਦਿ ਸੁਖੁ ਹੋਈ

ਆਪੁ ਵੀਚਾਰੇ ਗਿਆਨੀ ਸੋਈ

ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥