ਮਾਰੂ ਮਹਲਾ

ਨਿਰੰਕਾਰਿ ਆਕਾਰੁ ਉਪਾਇਆ

ਮਾਇਆ ਮੋਹੁ ਹੁਕਮਿ ਬਣਾਇਆ

ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥੧॥

ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ

ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ

ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥੨॥

ਗੁਰ ਸੇਵਾ ਤੇ ਕਰਣੀ ਸਾਰ

ਰਾਮ ਨਾਮੁ ਰਾਖਹੁ ਉਰਿ ਧਾਰ

ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥੩॥

ਵੇਦੁ ਪੜੈ ਅਨਦਿਨੁ ਵਾਦ ਸਮਾਲੇ

ਨਾਮੁ ਚੇਤੈ ਬਧਾ ਜਮਕਾਲੇ

ਦੂਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥੪॥

ਗੁਰਮੁਖਿ ਏਕਸੁ ਸਿਉ ਲਿਵ ਲਾਏ

ਤ੍ਰਿਬਿਧਿ ਮਨਸਾ ਮਨਹਿ ਸਮਾਏ

ਸਾਚੈ ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥੫॥

ਜੋ ਧੁਰਿ ਰਾਤੇ ਸੇ ਹੁਣਿ ਰਾਤੇ

ਗੁਰ ਪਰਸਾਦੀ ਸਹਜੇ ਮਾਤੇ

ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥੬॥

ਮਾਇਆ ਮੋਹਿ ਭਰਮਿ ਪਾਏ

ਦੂਜੈ ਭਾਇ ਲਗਾ ਦੁਖੁ ਪਾਏ

ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਲਾਇਦਾ ॥੭॥

ਏਹੁ ਮਨੁ ਭੈ ਭਾਇ ਰੰਗਾਏ

ਇਤੁ ਰੰਗਿ ਸਾਚੇ ਮਾਹਿ ਸਮਾਏ

ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ ॥੮॥

ਮਨਮੁਖੁ ਬਹੁਤੁ ਕਰੇ ਅਭਿਮਾਨੁ

ਦਰਗਹ ਕਬ ਹੀ ਪਾਵੈ ਮਾਨੁ

ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ ਪਾਇਦਾ ॥੯॥

ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ

ਗੁਰ ਪਰਸਾਦੀ ਹਰਿ ਮਿਲੈ ਮਿਲਾਇਆ

ਸਚਾ ਪ੍ਰਭੁ ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥੧੦॥

ਇਸੁ ਕਾਇਆ ਕੀ ਕੀਮਤਿ ਕਿਨੈ ਪਾਈ

ਮੇਰੈ ਠਾਕੁਰਿ ਇਹ ਬਣਤ ਬਣਾਈ

ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥੧੧॥

ਕਾਇਆ ਵਿਚਿ ਤੋਟਾ ਕਾਇਆ ਵਿਚਿ ਲਾਹਾ

ਗੁਰਮੁਖਿ ਖੋਜੇ ਵੇਪਰਵਾਹਾ

ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ ਮਿਲਾਇਦਾ ॥੧੨॥

ਸਚਾ ਮਹਲੁ ਸਚੇ ਭੰਡਾਰਾ

ਆਪੇ ਦੇਵੈ ਦੇਵਣਹਾਰਾ

ਗੁਰਮੁਖਿ ਸਾਲਾਹੇ ਸੁਖਦਾਤੇ ਮਨਿ ਮੇਲੇ ਕੀਮਤਿ ਪਾਇਦਾ ॥੧੩॥

ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ

ਗੁਰਮੁਖਿ ਆਪੇ ਦੇ ਵਡਿਆਈ

ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਪਛੋਤਾਇਦਾ ॥੧੪॥

ਹਰਿ ਜੀਉ ਸਭ ਮਹਿ ਰਹਿਆ ਸਮਾਈ

ਗੁਰ ਪਰਸਾਦੀ ਪਾਇਆ ਜਾਈ

ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਦਾ ॥੧੫॥

ਆਪੇ ਸਚਾ ਸਬਦਿ ਮਿਲਾਏ

ਸਬਦੇ ਵਿਚਹੁ ਭਰਮੁ ਚੁਕਾਏ

ਨਾਨਕ ਨਾਮਿ ਮਿਲੈ ਵਡਿਆਈ ਨਾਮੇ ਹੀ ਸੁਖੁ ਪਾਇਦਾ ॥੧੬॥੮॥੨੨॥