( 1264 )
ਮਲਾਰ ਮਹਲਾ ੪ ॥
ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥
ਹਰਿ ਜਨ ਕਉ ਹਰਿ ਦੀਨੑ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥੧॥
ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥
ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥
ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥
ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥
ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥
ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥੩॥
ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥
ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥
ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥
ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥
ਮਲਾਰ ਮਹਲਾ ੪ ॥
ਜਿਨੑ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥
ਤਿਨੑ ਦੇਖੇ ਮੇਰਾ ਮਨੁ ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥੧॥
ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥
ਤਿਨੑ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥੧॥ ਰਹਾਉ ॥
ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥
ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ ਸਾਧੂ ਹਉਮੈ ਤਾਤਿ ॥੨॥
ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥
ਤਿਨ ਕਉ ਕਿਆ ਕੋਈ ਦੇਇ ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਂਤਿ ॥੩॥
ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ ॥
ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥੪॥੫॥