( 1349 )
ਪ੍ਰਭਾਤੀ ਮਹਲਾ ੫ ॥
ਸਿਮਰਤ ਨਾਮੁ ਕਿਲਬਿਖ ਸਭਿ ਕਾਟੇ ॥
ਧਰਮ ਰਾਇ ਕੇ ਕਾਗਰ ਫਾਟੇ ॥
ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥
ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥੧॥
ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥
ਤੇਰੇ ਦਾਸ ਚਰਨ ਸਰਨਾਇਆ ॥੧॥ ਰਹਾਉ ॥
ਚੂਕਾ ਗਉਣੁ ਮਿਟਿਆ ਅੰਧਿਆਰੁ ॥
ਗੁਰਿ ਦਿਖਲਾਇਆ ਮੁਕਤਿ ਦੁਆਰੁ ॥
ਹਰਿ ਪ੍ਰੇਮ ਭਗਤਿ ਮਨੁ ਤਨੁ ਸਦ ਰਾਤਾ ॥
ਪ੍ਰਭੂ ਜਨਾਇਆ ਤਬ ਹੀ ਜਾਤਾ ॥੨॥
ਘਟਿ ਘਟਿ ਅੰਤਰਿ ਰਵਿਆ ਸੋਇ ॥
ਤਿਸੁ ਬਿਨੁ ਬੀਜੋ ਨਾਹੀ ਕੋਇ ॥
ਬੈਰ ਬਿਰੋਧ ਛੇਦੇ ਭੈ ਭਰਮਾਂ ॥
ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥੩॥
ਮਹਾ ਤਰੰਗ ਤੇ ਕਾਂਢੈ ਲਾਗਾ ॥
ਜਨਮ ਜਨਮ ਕਾ ਟੂਟਾ ਗਾਂਢਾ ॥
ਜਪੁ ਤਪੁ ਸੰਜਮੁ ਨਾਮੁ ਸਮੑਾਲਿਆ ॥
ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥੪॥
ਮੰਗਲ ਸੂਖ ਕਲਿਆਣ ਤਿਥਾਈਂ ॥
ਜਹ ਸੇਵਕ ਗੋਪਾਲ ਗੁਸਾਈ ॥
ਪ੍ਰਭ ਸੁਪ੍ਰਸੰਨ ਭਏ ਗੋਪਾਲ ॥
ਜਨਮ ਜਨਮ ਕੇ ਮਿਟੇ ਬਿਤਾਲ ॥੫॥
ਹੋਮ ਜਗ ਉਰਧ ਤਪ ਪੂਜਾ ॥
ਕੋਟਿ ਤੀਰਥ ਇਸਨਾਨੁ ਕਰੀਜਾ ॥
ਚਰਨ ਕਮਲ ਨਿਮਖ ਰਿਦੈ ਧਾਰੇ ॥
ਗੋਬਿੰਦ ਜਪਤ ਸਭਿ ਕਾਰਜ ਸਾਰੇ ॥੬॥
ਊਚੇ ਤੇ ਊਚਾ ਪ੍ਰਭ ਥਾਨੁ ॥
ਹਰਿ ਜਨ ਲਾਵਹਿ ਸਹਜਿ ਧਿਆਨੁ ॥
ਦਾਸ ਦਾਸਨ ਕੀ ਬਾਂਛਉ ਧੂਰਿ ॥
ਸਰਬ ਕਲਾ ਪ੍ਰੀਤਮ ਭਰਪੂਰਿ ॥੭॥
ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥
ਮੀਤ ਸਾਜਨ ਭਰਵਾਸਾ ਤੇਰਾ ॥
ਕਰੁ ਗਹਿ ਲੀਨੇ ਅਪੁਨੇ ਦਾਸ ॥
ਜਪਿ ਜੀਵੈ ਨਾਨਕੁ ਗੁਣਤਾਸ ॥੮॥੩॥੨॥੭॥੧੨॥
ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ ॥
ੴ ਸਤਿਗੁਰ ਪ੍ਰਸਾਦਿ ॥
ਮਰਨ ਜੀਵਨ ਕੀ ਸੰਕਾ ਨਾਸੀ ॥
ਆਪਨ ਰੰਗਿ ਸਹਜ ਪਰਗਾਸੀ ॥੧॥
ਪ੍ਰਗਟੀ ਜੋਤਿ ਮਿਟਿਆ ਅੰਧਿਆਰਾ ॥
ਰਾਮ ਰਤਨੁ ਪਾਇਆ ਕਰਤ ਬੀਚਾਰਾ ॥੧॥ ਰਹਾਉ ॥
ਜਹ ਅਨੰਦੁ ਦੁਖੁ ਦੂਰਿ ਪਇਆਨਾ ॥
ਮਨੁ ਮਾਨਕੁ ਲਿਵ ਤਤੁ ਲੁਕਾਨਾ ॥੨॥
ਜੋ ਕਿਛੁ ਹੋਆ ਸੁ ਤੇਰਾ ਭਾਣਾ ॥
ਜੋ ਇਵ ਬੂਝੈ ਸੁ ਸਹਜਿ ਸਮਾਣਾ ॥੩॥
ਕਹਤੁ ਕਬੀਰੁ ਕਿਲਬਿਖ ਗਏ ਖੀਣਾ ॥
ਮਨੁ ਭਇਆ ਜਗਜੀਵਨ ਲੀਣਾ ॥੪॥੧॥
ਪ੍ਰਭਾਤੀ ॥
ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥
ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥੧॥
ਅਲਹ ਰਾਮ ਜੀਵਉ ਤੇਰੇ ਨਾਈ ॥
ਤੂ ਕਰਿ ਮਿਹਰਾਮਤਿ ਸਾਈ ॥੧॥ ਰਹਾਉ ॥
ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥
ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥੨॥
ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥
ਗਿਆਰਹ ਮਾਸ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥੩॥
ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਾਂਏਂ ॥
ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥੪॥
ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮੑਾਰੇ ॥
ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥੫॥
ਕਹਤੁ ਕਬੀਰੁ ਸੁਨਹੁ ਨਰ ਨਰਵੈ ਪਰਹੁ ਏਕ ਕੀ ਸਰਨਾ ॥
ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥੬॥੨॥