ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ

ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ

ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ

ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ

ਜਿੰਨੑੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ

ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ

ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਜਾਇ

ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ

ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥

ਕਤਿਕਿ ਕਰਮ ਕਮਾਵਣੇ ਦੋਸੁ ਕਾਹੂ ਜੋਗੁ

ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ

ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ

ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ

ਵਿਚੁ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ

ਕੀਤਾ ਕਿਛੂ ਹੋਵਈ ਲਿਖਿਆ ਧੁਰਿ ਸੰਜੋਗ

ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ

ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ

ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ

ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ

ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ

ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ

ਤਿਨ ਦੁਖੁ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ

ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ

ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ

ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ

ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਜਨਮੜੀਆਹ ॥੧੦॥

ਪੋਖਿ ਤੁਖਾਰੁ ਵਿਆਪਈ ਕੰਠਿ ਮਿਲਿਆ ਹਰਿ ਨਾਹੁ

ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ

ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ

ਬਿਖਿਆ ਪੋਹਿ ਸਕਈ ਮਿਲਿ ਸਾਧੂ ਗੁਣ ਗਾਹੁ

ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ

ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਵਿਛੁੜੀਆਹੁ

ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ

ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ

ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥