( 1406 )

ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਛੋਡਿਓ ਪਾਸੁ

ਤਾ ਤੇ ਗਉਹਰੁ ਗੵਾਨ ਪ੍ਰਗਟੁ ਉਜੀਆਰਉ ਦੁਖ ਦਰਿਦ੍ਰ ਅੰਧੵਾਰ ਕੋ ਨਾਸੁ

ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨੑ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ

ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥੧॥

ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ

ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ

ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲੈਤ ਉਪਜੵੋ ਜੁ ਪ੍ਰਗਾਸੁ

ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥੨॥

ਨਾਨਕਿ ਨਾਮੁ ਨਿਰੰਜਨ ਜਾਨੵਉ ਕੀਨੀ ਭਗਤਿ ਪ੍ਰੇਮ ਲਿਵ ਲਾਈ

ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ

ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਜਾਈ

ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥

ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ

ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ

ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ

ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥

ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜੵਉ

ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜੵਉ

ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ

ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ

ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ

ਗੁਰ ਰਾਮਦਾਸ ਸਚੁ ਸਲੵ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥੧॥

ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ

ਸੁਰਿ ਨਰ ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ

ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ

ਅਗਮ ਨਿਗਮ ਉਧਰਣ ਜਰਾ ਜੰਮਿਹਿ ਆਰੋਅਹ

ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ

ਅਘ ਅੰਤਕ ਬਦੈ ਸਲੵ ਕਵਿ ਗੁਰ ਰਾਮਦਾਸ ਤੇਰੀ ਸਰਣ ॥੨॥੬੦॥