( 1408 )

ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ

ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰਿ ਪਰਚਾਯਉ

ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ

ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ

ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖ ਸਮਾਇਯਉ

ਗੁਰ ਅਰਜੁਨ ਕਲੵੁਚਰੈ ਤੈ ਸਹਜਿ ਜੋਗੁ ਨਿਜੁ ਪਾਇਯਉ ॥੮॥

ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰੵਉ

ਪੰਚਾ ਹਰੁਨਿ ਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰੵਉ

ਹਰਿ ਨਾਮਿ ਲਾਗਿ ਜਗ ਉਧਰੵਉ ਸਤਿਗੁਰੁ ਰਿਦੈ ਬਸਾਇਅਉ

ਗੁਰ ਅਰਜੁਨ ਕਲੵੁਚਰੈ ਤੈ ਜਨਕਹ ਕਲਸੁ ਦੀਪਾਇਅਉ ॥੯॥

ਸੋਰਠੇ

ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ

ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਸਵਾਰਿਅਉ ॥੧॥

ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ

ਤੁਅ ਸਤਿਗੁਰ ਸੰ ਹੇਤੁ ਨਾਮਿ ਲਾਗਿ ਜਗੁ ਉਧਰੵਉ ॥੨॥

ਜਗਤ ਉਧਾਰਣੁ ਨਾਮੁ ਸਤਿਗੁਰ ਤੁਠੈ ਪਾਇਅਉ

ਅਬ ਨਾਹਿ ਅਵਰ ਸਰਿ ਕਾਮੁ ਬਾਰੰਤਰਿ ਪੂਰੀ ਪੜੀ ॥੩॥੧੨॥

ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ

ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ

ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ

ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ

ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ

ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥੧॥

ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ

ਆਦਿ ਪੁਰਖਿ ਪਰਤਖਿ ਲਿਖੵਉ ਅਛਰੁ ਮਸਤਕਿ ਧੁਰਿ

ਪ੍ਰਗਟ ਜੋਤਿ ਜਗਮਗੈ ਤੇਜੁ ਭੂਅ ਮੰਡਲਿ ਛਾਯਉ

ਪਾਰਸੁ ਪਰਸਿ ਪਰਸੁ ਪਰਸਿ ਗੁਰਿ ਗੁਰੂ ਕਹਾਯਉ

ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ ਰਹਹੁ

ਕਲਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸ੍ਟਿ ਲਗਿ ਬਿਤਰਹੁ ॥੨॥

ਤਿਹ ਜਨ ਜਾਚਹੁ ਜਗਤ੍ਰ ਪਰ ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ

ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗੵੌ ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ

ਅਪਰ ਪਰੰਪਰ ਪੁਰਖ ਸਿਉ ਪ੍ਰੇਮੁ ਲਾਗੵੌ ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ

ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ ਰਾਮ ਸਿਉ ॥੩॥