ਗਉੜੀ ਮਾਲਾ ਮਹਲਾ ੫ ॥
ਮੋ ਕਉ ਇਹ ਬਿਧਿ ਕੋ ਸਮਝਾਵੈ ॥
ਕਰਤਾ ਹੋਇ ਜਨਾਵੈ ॥੧॥ ਰਹਾਉ ॥
ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੂ ਨ ਸਾਧਾ ॥
ਦਹ ਦਿਸਿ ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥੧॥
ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ ਇਹੁ ਮੇਰਾ ॥
ਭਰਮ ਮੋਹ ਕਛੁ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ ॥੨॥
ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ॥
ਜਬ ਏਕ ਨਿਰੰਜਨ ਨਿਰੰਕਾਰ ਪ੍ਰਭ ਸਭੁ ਕਿਛੁ ਆਪਹਿ ਕਰਤਾ ॥੩॥
ਅਪਨੇ ਕਰਤਬ ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥
ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ ॥੪॥੫॥੧੬੩॥
ਗਉੜੀ ਮਾਲਾ ਮਹਲਾ ੫ ॥
ਹਰਿ ਬਿਨੁ ਅਵਰ ਕ੍ਰਿਆ ਬਿਰਥੇ ॥
ਜਪ ਤਪ ਸੰਜਮ ਕਰਮ ਕਮਾਣੇ ਇਹਿ ਓਰੈ ਮੂਸੇ ॥੧॥ ਰਹਾਉ ॥
ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥
ਆਗੈ ਚਲਣੁ ਅਉਰੁ ਹੈ ਭਾਈ ਊਂਹਾ ਕਾਮਿ ਨ ਆਇਆ ॥੧॥
ਤੀਰਥਿ ਨਾਇ ਅਰੁ ਧਰਨੀ ਭ੍ਰਮਤਾ ਆਗੈ ਠਉਰ ਨ ਪਾਵੈ ॥
ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥੨॥
ਚਤੁਰ ਬੇਦ ਮੁਖ ਬਚਨੀ ਉਚਰੈ ਆਗੈ ਮਹਲੁ ਨ ਪਾਈਐ ॥
ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ ਝਾਖ ਝਖਾਈਐ ॥੩॥
ਨਾਨਕੁ ਕਹਤੋ ਇਹੁ ਬੀਚਾਰਾ ਜਿ ਕਮਾਵੈ ਸੁ ਪਾਰ ਗਰਾਮੀ ॥
ਗੁਰੁ ਸੇਵਹੁ ਅਰੁ ਨਾਮੁ ਧਿਆਵਹੁ ਤਿਆਗਹੁ ਮਨਹੁ ਗੁਮਾਨੀ ॥੪॥੬॥੧੬੪॥
ਗਉੜੀ ਮਾਲਾ ੫ ॥
ਮਾਧਉ ਹਰਿ ਹਰਿ ਹਰਿ ਮੁਖਿ ਕਹੀਐ ॥
ਹਮ ਤੇ ਕਛੂ ਨ ਹੋਵੈ ਸੁਆਮੀ ਜਿਉ ਰਾਖਹੁ ਤਿਉ ਰਹੀਐ ॥੧॥ ਰਹਾਉ ॥
ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸੁ ਹਾਥਿ ਬਿਚਾਰੇ ॥
ਜਿਤੁ ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੇ ॥੧॥
ਕਰਹੁ ਕ੍ਰਿਪਾ ਸਰਬ ਕੇ ਦਾਤੇ ਏਕ ਰੂਪ ਲਿਵ ਲਾਵਹੁ ॥
ਨਾਨਕ ਕੀ ਬੇਨੰਤੀ ਹਰਿ ਪਹਿ ਅਪੁਨਾ ਨਾਮੁ ਜਪਾਵਹੁ ॥੨॥੭॥੧੬੫॥