ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮੑਾਲੇ ॥
ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
ਗਾਵਨੑਿ ਤੁਧਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥
ਗਾਵਨੑਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥
ਗਾਵਨੑਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
ਗਾਵਨੑਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
ਗਾਵਨੑਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨੑਿ ਤੁਧਨੋ ਸਾਧ ਬੀਚਾਰੇ ॥
ਗਾਵਨੑਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
ਗਾਵਨੑਿ ਤੁਧਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥
ਗਾਵਨੑਿ ਤੁਧਨੋ ਜੋਧ ਮਹਾਬਲ ਸੂਰਾ ਗਾਵਨੑਿ ਤੁਧਨੋ ਖਾਣੀ ਚਾਰੇ ॥
ਗਾਵਨੑਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
ਸੇਈ ਤੁਧਨੋ ਗਾਵਨੑਿ ਜੋ ਤੁਧੁ ਭਾਵਨੑਿ ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥
ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥੧॥
ਆਸਾ ਮਹਲਾ ੪ ॥
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥
ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥
ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥
ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨੑ ਕੁਰਬਾਣਾ ॥੨॥
ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖ ਵਾਸੀ ॥
ਸੇ ਮੁਕਤੁ ਸੇ ਮੁਕਤੁ ਭਏ ਜਿਨੑ ਹਰਿ ਧਿਆਇਆ ਜੀਉ ਤਿਨ ਟੂਟੀ ਜਮ ਕੀ ਫਾਸੀ ॥
ਜਿਨ ਨਿਰਭਉ ਜਿਨੑ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ ॥
ਜਿਨੑ ਸੇਵਿਆ ਜਿਨੑ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪਿ ਸਮਾਸੀ ॥
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥੩॥
ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ ॥
ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੨॥