ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥
ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥
ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥
ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥
ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥
ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥
ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥
ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥
ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥
ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥
ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥
ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥
ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥
ਅਰਦਾਸਿ ਕਰੀਂ︀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥
ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥
ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥
ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥
ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥
ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥
ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥
ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥
ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥
ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥
ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥
ਵਡਹੰਸੁ ਮਹਲਾ ੪ ਛੰਤ ॥
ੴ ਸਤਿਗੁਰ ਪ੍ਰਸਾਦਿ ॥
ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥
ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥
ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥
ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥
ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥
ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥
ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥
ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥
ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥
ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥
ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥
ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥
ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥
ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥
ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥
ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥
ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥
ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥
ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥
ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥
ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥
ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥
ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥
ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥