ਵਡਹੰਸੁ ਮਹਲਾ

ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ

ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ

ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ

ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ

ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ

ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥੧॥

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ

ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ

ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ

ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥੨॥

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ

ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ

ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ

ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ

ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥੩॥

ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ

ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਰਾਮ

ਹਮ ਪਾਪੀ ਨਿਰਗੁਣ ਦੀਨ ਤੁਮੑਾਰੇ ਹਰਿ ਦੈਆਲ ਸਰਣਾਇਆ

ਤੂ ਦੁਖ ਭੰਜਨੁ ਸਰਬ ਸੁਖਦਾਤਾ ਹਮ ਪਾਥਰ ਤਰੇ ਤਰਾਇਆ

ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ

ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥

ਵਡਹੰਸੁ ਮਹਲਾ ਘੋੜੀਆ

ਸਤਿਗੁਰ ਪ੍ਰਸਾਦਿ

ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ

ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ

ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ

ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ

ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ

ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥

ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ

ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ

ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ

ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ

ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ

ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥

ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ

ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ

ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ

ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ

ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ

ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥

ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ

ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ

ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ

ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ

ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ

ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥