ਵਡਹੰਸੁ ਮਹਲਾ ੧ ਦਖਣੀ ॥
ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥
ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੋ ॥
ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੋ ॥
ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥੧॥
ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥ ਰਹਾਉ ॥
ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥
ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥
ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥
ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥੨॥
ਆਵਾ ਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥
ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥
ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥
ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥੩॥
ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥
ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥
ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥
ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥੪॥
ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥
ਸਾ ਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥
ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥
ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥੫॥
ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥
ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥
ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥
ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥੬॥
ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ ਸੰਸਾਰੇ ॥
ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥
ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥
ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭॥
ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥
ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥
ਬਈਅਰਿ ਨਾਮਿ ਸੋੁਹਾਗਣੀ ਸਚੁ ਸਵਾਰਣਹਾਰੋ ॥
ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥
ਵਡਹੰਸੁ ਮਹਲਾ ੧ ॥
ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥
ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥
ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥
ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥
ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥
ਜਿਨਿ ਜਗੁ ਥਾਪਿ ਵਤਾਇਆ ਜਾਲੋੁ ਸੋ ਸਾਹਿਬੁ ਪਰਵਾਣੋ ॥੧॥
ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥
ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥
ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥
ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥
ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥
ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥
ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥
ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥
ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥
ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥
ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥
ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥
ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥
ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥
ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥
ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥
ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥
ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥