ਵਡਹੰਸੁ ਮਹਲਾ ੧ ॥
ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥
ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥
ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥
ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥
ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥
ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥
ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥
ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥
ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥
ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰਸਬਦੀ ਸਚੁ ਖੇਲੋ ॥
ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥
ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥੨॥
ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥
ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥
ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥
ਕਾਮਣਿਆਰੀ ਕਾਮਣ ਪਾਏ ਬਹੁ ਰੰਗੀ ਗਲਿ ਤਾਗਾ ॥
ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥
ਨਾ ਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥੩॥
ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ ਪਠਾਇਆ ਹੈ ॥
ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥
ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥
ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥
ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥
ਨਾਨਕ ਜੁਗਿ ਜੁਗਿ ਜਾਣ ਸਿਜਾਣਾ ਰੋਵਹਿ ਸਚੁ ਸਮਾਲੇ ॥੪॥੫॥