ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਸੋਰਠਿ ਮਹਲਾ ੧ ਘਰੁ ੧ ਚਉਪਦੇ ॥
ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥
ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥
ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥੧॥
ਭੀ ਸਾਲਾਹਿਹੁ ਸਾਚਾ ਸੋਇ ॥
ਜਾ ਕੀ ਨਦਰਿ ਸਦਾ ਸੁਖੁ ਹੋਇ ॥ ਰਹਾਉ ॥
ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥
ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥
ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥੨॥
ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥
ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥
ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥੩॥
ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥
ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥
ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥੪॥੧॥