ਸੋਰਠਿ ਮਹਲਾ ੫ ਘਰੁ ੧ ਚੌਤੁਕੇ ॥
ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰ ॥
ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ ਸਾਰ ॥
ਜਿਤੁ ਤਨਿ ਨਾਮੁ ਨ ਊਪਜੈ ਭਾਈ ਸੇ ਤਨ ਹੋਏ ਛਾਰ ॥
ਸਾਧਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰ ॥੧॥
ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥
ਗੁਰਿ ਪੂਰੈ ਜਾਣਾਇਆ ਭਾਈ ਤਿਸੁ ਬਿਨੁ ਅਵਰੁ ਨ ਕੋਇ ॥ ਰਹਾਉ ॥
ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਨ ਜਾਇ ਗਣੀ ॥
ਵਿਣੁ ਸਚ ਸੋਚ ਨ ਪਾਈਐ ਭਾਈ ਸਾਚਾ ਅਗਮ ਧਣੀ ॥
ਆਵਣ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥
ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥੨॥
ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥
ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥
ਚਾਰੇ ਕੁੰਡਾ ਸੋਧੀਆ ਭਾਈ ਵਿਣੁ ਸਤਿਗੁਰ ਨਾਹੀ ਜਾਇ ॥
ਵਡਭਾਗੀ ਗੁਰੁ ਪਾਇਆ ਭਾਈ ਹਰਿ ਹਰਿ ਨਾਮੁ ਧਿਆਇ ॥੩॥
ਸਚੁ ਸਦਾ ਹੈ ਨਿਰਮਲਾ ਭਾਈ ਨਿਰਮਲ ਸਾਚੇ ਸੋਇ ॥
ਨਦਰਿ ਕਰੇ ਜਿਸੁ ਆਪਣੀ ਭਾਈ ਤਿਸੁ ਪਰਾਪਤਿ ਹੋਇ ॥
ਕੋਟਿ ਮਧੇ ਜਨੁ ਪਾਈਐ ਭਾਈ ਵਿਰਲਾ ਕੋਈ ਕੋਇ ॥
ਨਾਨਕ ਰਤਾ ਸਚਿ ਨਾਮਿ ਭਾਈ ਸੁਣਿ ਮਨੁ ਤਨੁ ਨਿਰਮਲੁ ਹੋਇ ॥੪॥੨॥
ਸੋਰਠਿ ਮਹਲਾ ੫ ਦੁਤੁਕੇ ॥
ਜਉ ਲਉ ਭਾਉ ਅਭਾਉ ਇਹੁ ਮਾਨੈ ਤਉ ਲਉ ਮਿਲਣੁ ਦੂਰਾਈ ॥
ਆਨ ਆਪਨਾ ਕਰਤ ਬੀਚਾਰਾ ਤਉ ਲਉ ਬੀਚੁ ਬਿਖਾਈ ॥੧॥
ਮਾਧਵੇ ਐਸੀ ਦੇਹੁ ਬੁਝਾਈ ॥
ਸੇਵਉ ਸਾਧ ਗਹਉ ਓਟ ਚਰਨਾ ਨਹ ਬਿਸਰੈ ਮੁਹਤੁ ਚਸਾਈ ॥ ਰਹਾਉ ॥
ਰੇ ਮਨ ਮੁਗਧ ਅਚੇਤ ਚੰਚਲ ਚਿਤ ਤੁਮ ਐਸੀ ਰਿਦੈ ਨ ਆਈ ॥
ਪ੍ਰਾਨਪਤਿ ਤਿਆਗਿ ਆਨ ਤੂ ਰਚਿਆ ਉਰਝਿਓ ਸੰਗਿ ਬੈਰਾਈ ॥੨॥
ਸੋਗੁ ਨ ਬਿਆਪੈ ਆਪੁ ਨ ਥਾਪੈ ਸਾਧਸੰਗਤਿ ਬੁਧਿ ਪਾਈ ॥
ਸਾਕਤ ਕਾ ਬਕਨਾ ਇਉ ਜਾਨਉ ਜੈਸੇ ਪਵਨੁ ਝੁਲਾਈ ॥੩॥
ਕੋਟਿ ਪਰਾਧ ਅਛਾਦਿਓ ਇਹੁ ਮਨੁ ਕਹਣਾ ਕਛੂ ਨ ਜਾਈ ॥
ਜਨ ਨਾਨਕ ਦੀਨ ਸਰਨਿ ਆਇਓ ਪ੍ਰਭ ਸਭੁ ਲੇਖਾ ਰਖਹੁ ਉਠਾਈ ॥੪॥੩॥
ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥
ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥
ਰੇ ਨਰ ਕਾਹੇ ਪਪੋਰਹੁ ਦੇਹੀ ॥
ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥
ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥
ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥
ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥
ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥
ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥
ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥