ਧਨਾਸਰੀ ਮਹਲਾ ੧ ਛੰਤ ॥
ੴ ਸਤਿਗੁਰ ਪ੍ਰਸਾਦਿ ॥
ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥
ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥
ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥
ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥
ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥
ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥
ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥
ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥
ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥
ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥
ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥
ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥
ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥
ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥
ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥
ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥
ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥
ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥
ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥
ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥
ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥
ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥
ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥
ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥