ਸੂਹੀ ਮਹਲਾ ਕਾਫੀ ਘਰੁ ੧੦

ਸਤਿਗੁਰ ਪ੍ਰਸਾਦਿ

ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ

ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥

ਚਲੈ ਜਨਮੁ ਸਵਾਰਿ ਵਖਰੁ ਸਚੁ ਲੈ

ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ

ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ

ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥

ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ

ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥

ਮੂਰਖ ਮਨ ਸਮਝਾਇ ਆਖਉ ਕੇਤੜਾ

ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥

ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ

ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥

ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ

ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥

ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ

ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥

ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ

ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥

ਸੂਹੀ ਮਹਲਾ

ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ

ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥

ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ

ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ

ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ

ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥

ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ

ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥

ਦੇਹੀ ਹੋਵਗਿ ਖਾਕੁ ਪਵਣੁ ਉਡਾਈਐ

ਇਹੁ ਕਿਥੈ ਘਰੁ ਅਉਤਾਕੁ ਮਹਲੁ ਪਾਈਐ ॥੪॥

ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ

ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥

ਗੁਰਮੁਖਿ ਚੋਰੁ ਲਾਗਿ ਹਰਿ ਨਾਮਿ ਜਗਾਈਐ

ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥

ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ

ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥

ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ

ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥