ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ॥
ੴ ਸਤਿਗੁਰ ਪ੍ਰਸਾਦਿ ॥
ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥
ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥
ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥
ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥
ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥
ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥
ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥
ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥
ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥
ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥
ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥
ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥
ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥
ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥
ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥
ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥
ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥
ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥
ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥
ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥
ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥
ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥
ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥
ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥
ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨ ॥
ੴ ਸਤਿਗੁਰ ਪ੍ਰਸਾਦਿ ॥
ਹਮ ਘਰਿ ਸਾਜਨ ਆਏ ॥
ਸਾਚੈ ਮੇਲਿ ਮਿਲਾਏ ॥
ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥
ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥
ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥
ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥
ਆਵਹੁ ਮੀਤ ਪਿਆਰੇ ॥
ਮੰਗਲ ਗਾਵਹੁ ਨਾਰੇ ॥
ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥
ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥
ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥
ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥
ਮਨੁ ਤਨੁ ਅੰਮ੍ਰਿਤਿ ਭਿੰਨਾ ॥
ਅੰਤਰਿ ਪ੍ਰੇਮੁ ਰਤੰਨਾ ॥
ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥
ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥
ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥
ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥
ਆਤਮ ਰਾਮੁ ਸੰਸਾਰਾ ॥
ਸਾਚਾ ਖੇਲੁ ਤੁਮੑਾਰਾ ॥
ਸਚੁ ਖੇਲੁ ਤੁਮੑਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥
ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥
ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥
ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥