ਸੂਹੀ ਮਹਲਾ ੫ ॥
ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥
ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥
ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥
ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥
ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥
ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥੧॥
ਕੋਟਿ ਕਰਨ ਦੀਜਹਿ ਪ੍ਰਭ ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥
ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥
ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥
ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥
ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥
ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥੨॥
ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥
ਭਵ ਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥
ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥
ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥
ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥
ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥੩॥
ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥
ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥
ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣ ਕਾਰਣ ਗੋਪਾਲਾ ॥
ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨ ਦਇਆਲਾ ॥
ਮੋਹਿ ਨਿਰਗੁਣ ਪ੍ਰੀਤਮ ਸੁਖ ਸਾਗਰ ਸੰਤਸੰਗਿ ਮਨੁ ਜਾਗਾ ॥
ਕਹੁ ਨਾਨਕ ਪ੍ਰਭਿ ਕਿਰਪਾ ਕੀਨੑੀ ਚਰਣ ਕਮਲ ਮਨੁ ਲਾਗਾ ॥੪॥੩॥੬॥