ਸੂਹੀ ਮਹਲਾ ੫ ॥
ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥
ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥
ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥
ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥
ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥
ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥
ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥
ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥
ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥
ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥
ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥
ਛਾਇਆ ਪ੍ਰਭਿ ਛਤ੍ਰਪਤਿ ਕੀਨੑੀ ਸਗਲੀ ਤਪਤਿ ਬਿਨਾਸੀ ਰਾਮ ॥
ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥
ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥
ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥
ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥
ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥
ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥
ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥
ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥
ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥
ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥
ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥