ਛੰਤੁ

ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ

ਮਨਿ ਤਨੇ ਗਲਤਾਨ ਸਿਮਰਤ ਪ੍ਰਭ ਨਾਮ ਹਰਿ ਅੰਮ੍ਰਿਤੁ ਪੀਵਤੇ ਜੀਉ

ਅੰਮ੍ਰਿਤੁ ਹਰਿ ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ ਜਾਨਿਆ

ਭਏ ਕਿਰਪਾਲ ਗੋਪਾਲ ਪ੍ਰਭ ਮੇਰੇ ਸਾਧਸੰਗਤਿ ਨਿਧਿ ਮਾਨਿਆ

ਸਰਬਸੋ ਸੂਖ ਆਨੰਦ ਘਨ ਪਿਆਰੇ ਹਰਿ ਰਤਨੁ ਮਨ ਅੰਤਰਿ ਸੀਵਤੇ

ਇਕੁ ਤਿਲੁ ਨਹੀ ਵਿਸਰੈ ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ ॥੩॥

ਡਖਣਾ

ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ

ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ ॥੧॥

ਛੰਤੁ

ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ ਮੋਹਿਆ ਜੀਉ

ਸੰਤਨ ਕੈ ਪਰਸਾਦਿ ਅਗਾਧਿ ਕੰਠੇ ਲਗਿ ਸੋਹਿਆ ਜੀਉ

ਹਰਿ ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ ਭਗਤਿ ਲਖੵਣ ਕਰਿ ਵਸਿ ਭਏ

ਮਨਿ ਸਰਬ ਸੁਖ ਵੁਠੇ ਗੋਵਿਦ ਤੁਠੇ ਜਨਮ ਮਰਣਾ ਸਭਿ ਮਿਟਿ ਗਏ

ਸਖੀ ਮੰਗਲੋ ਗਾਇਆ ਇਛ ਪੁਜਾਇਆ ਬਹੁੜਿ ਮਾਇਆ ਹੋਹਿਆ

ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ ਸਾਗਰੁ ਨਹੀ ਪੋਹਿਆ ॥੪॥

ਡਖਣਾ

ਸਾਈ ਨਾਮੁ ਅਮੋਲੁ ਕੀਮ ਕੋਈ ਜਾਣਦੋ

ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ ॥੧॥

ਛੰਤੁ

ਕਹਤੇ ਪਵਿਤ੍ਰ ਸੁਣਤੇ ਸਭਿ ਧੰਨੁ ਲਿਖਤੀਂ︀ ਕੁਲੁ ਤਾਰਿਆ ਜੀਉ

ਜਿਨ ਕਉ ਸਾਧੂ ਸੰਗੁ ਨਾਮ ਹਰਿ ਰੰਗੁ ਤਿਨੀ ਬ੍ਰਹਮੁ ਬੀਚਾਰਿਆ ਜੀਉ

ਬ੍ਰਹਮੁ ਬੀਚਾਰਿਆ ਜਨਮੁ ਸਵਾਰਿਆ ਪੂਰਨ ਕਿਰਪਾ ਪ੍ਰਭਿ ਕਰੀ

ਕਰੁ ਗਹਿ ਲੀਨੇ ਹਰਿ ਜਸੋ ਦੀਨੇ ਜੋਨਿ ਨਾ ਧਾਵੈ ਨਹ ਮਰੀ

ਸਤਿਗੁਰ ਦਇਆਲ ਕਿਰਪਾਲ ਭੇਟਤ ਹਰੇ ਕਾਮੁ ਕ੍ਰੋਧੁ ਲੋਭੁ ਮਾਰਿਆ

ਕਥਨੁ ਜਾਇ ਅਕਥੁ ਸੁਆਮੀ ਸਦਕੈ ਜਾਇ ਨਾਨਕੁ ਵਾਰਿਆ ॥੫॥੧॥੩॥