ਰਾਮਕਲੀ ਮਹਲਾ ੧ ॥
ਸਰਬ ਜੋਤਿ ਤੇਰੀ ਪਸਰਿ ਰਹੀ ॥
ਜਹ ਜਹ ਦੇਖਾ ਤਹ ਨਰਹਰੀ ॥੧॥
ਜੀਵਨ ਤਲਬ ਨਿਵਾਰਿ ਸੁਆਮੀ ॥
ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ॥੧॥ ਰਹਾਉ ॥
ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥
ਤਿਨ ਕੀ ਸਾਰ ਕਰੇ ਨਿਤ ਸਾਹਿਬੁ ਸਦਾ ਚਿੰਤ ਮਨ ਮਾਹੀ ॥੨॥
ਆਪੇ ਨੇੜੈ ਆਪੇ ਦੂਰਿ ॥
ਆਪੇ ਸਰਬ ਰਹਿਆ ਭਰਪੂਰਿ ॥
ਸਤਗੁਰੁ ਮਿਲੈ ਅੰਧੇਰਾ ਜਾਇ ॥
ਜਹ ਦੇਖਾ ਤਹ ਰਹਿਆ ਸਮਾਇ ॥੩॥
ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ ਬਾਣੀ ॥
ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥੪॥੨॥
ਰਾਮਕਲੀ ਮਹਲਾ ੧ ॥
ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥
ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋ ਦਰੁ ਕੋਈ ਆਇ ਕਹੈ ॥੧॥
ਕਿਨ ਬਿਧਿ ਸਾਗਰੁ ਤਰੀਐ ॥
ਜੀਵਤਿਆ ਨਹ ਮਰੀਐ ॥੧॥ ਰਹਾਉ ॥
ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥
ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤ ਕੈ ਆਸਣਿ ਪੁਰਖੁ ਰਹੈ ॥੨॥
ਕਿੰਤੇ ਨਾਮਾ ਅੰਤੁ ਨ ਜਾਣਿਆ ਤੁਮ ਸਰਿ ਨਾਹੀ ਅਵਰੁ ਹਰੇ ॥
ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥੩॥
ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਏਕੁ ਕਹੈ ॥
ਆਸਾ ਭੀਤਰਿ ਰਹੈ ਨਿਰਾਸਾ ਤਉ ਨਾਨਕ ਏਕੁ ਮਿਲੈ ॥੪॥
ਇਨ ਬਿਧਿ ਸਾਗਰੁ ਤਰੀਐ ॥
ਜੀਵਤਿਆ ਇਉ ਮਰੀਐ ॥੧॥ ਰਹਾਉ ਦੂਜਾ ॥੩॥
ਰਾਮਕਲੀ ਮਹਲਾ ੧ ॥
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥
ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥
ਬਾਬਾ ਗੋਰਖੁ ਜਾਗੈ ॥
ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥
ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥
ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥
ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥
ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥
ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥
ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥